ਨਿੱਜੀ ਪੱਤਰ ਪ੍ਰੇਰਕ
ਸਿਰਸਾ, 7 ਸਤੰਬਰ
ਗੁਲਾਬੀ ਸੁੰਡੀ ਨਾਲ ਨੁਕਸਾਨੀ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਤੇ ਚਿਰਾਂ ਤੋਂ ਲਟਕਦੇ ਬਿਜਲੀ ਕੁਨੈਕਸ਼ਨ ਜਾਰੀ ਕਰਵਾਉਣ ਸਮੇਤ ਹੋਰ ਕਈ ਮੰਗਾਂ ਦੀ ਪੂਰਤੀ ਲਈ ਕਿਸਾਨਾਂ ਨੇ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਰੋਸ ਪ੍ਰਦਰਸ਼ਨ ਕਰ ਕੇ ਮਿਨੀ ਸਕੱਤਰੇਤ ਵਿੱਚ ਪੱਕਾ ਮੋਰਚਾ ਲਾ ਦਿੱਤਾ ਹੈ।
ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਬੈਨਰ ਹੇਠ ਕਿਸਾਨ ਅੱਜ ਨਹਿਰੂ ਪਾਰਕ ਇਕੱਠੇ ਹੋਏ ਜਿਥੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਆਪਣੇ ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਰਾਹੀਂ ਪ੍ਰਦਰਸ਼ਨ ਕਰਦੇ ਹੋਏ ਮਿਨੀ ਸਕੱਤਰੇਤ ਪੁੱਜੇ। ਕਾਫ਼ੀ ਦੇਰ ਦੇਰ ਤੱਕ ਕਿਸਾਨਾਂ ਨੇ ਮਿਨੀ ਸਕੱਤਰੇਤ ਦੇ ਮੁੱਖ ਗੇਟ ਨੂੰ ਘੇਰੀਂ ਰੱਖਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੀਕੇਈ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਤੇ ਜਗਜੀਤ ਸਿੰਘ ਮਾਨ ਨੇ ਕਿਹਾ ਕਿ ਲਗਾਤਰ ਪ੍ਰਦਰਸ਼ਨਾਂ ਦੇ ਬਾਵਜੂਦ ਅਧਿਕਾਰੀਆਂ ਤੇ ਸਰਕਾਰ ਵੱਲੋਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਆਖਿਆ ਕਿ ਸਾਲ 2021 ’ਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਹਾਲੇ ਤੱਕ ਸਾਰੇ ਕਿਸਾਨਾਂ ਨੂੰ ਨਹੀਂ ਮਿਲਿਆ ਹੈ। ਇਸ ਤੋਂ ਇਲਾਵਾ ਕਈ ਸਾਲਾਂ ਤੋਂ ਕਿਸਾਨਾਂ ਨੇ ਟਿਊਬਵੈੱਲਾਂ ਲਈ ਬਿਜਲੀ ਦੇ ਕੁਨੈਕਸ਼ਨ ਲਈ ਲੱਖਾਂ ਰੁਪਏ ਨਿਗਮ ਕੋਲ ਜਮ੍ਹਾ ਕਰਵਾਏ ਹੋਏ ਹਨ, ਪਰ ਉਨ੍ਹਾਂ ਨੂੰ ਕੁਨੈਕਸ਼ਨ ਨਹੀਂ ਦਿੱਤੇ ਜਾ ਰਹੇ। ਪੱਕੇ ਖਾਲਾਂ ਦੀ ਕਈ ਸਾਲਾਂ ਤੋਂ ਮੁਰੰਮਤ ਨਹੀਂ ਹੋਈ। ਨਹਿਰਾਂ ਦੀ ਸਫ਼ਾਈ ਨਾ ਹੋਣ ਕਾਰਨ ਟੇਲਾਂ ਤੱਕ ਪਾਣੀ ਨਹੀਂ ਪਹੁੰਚਦਾ। ਕਿਸਾਨ ਆਗੂਆਂ ਨੇ ਮੰਗਾਂ ਪੂਰੀਆਂ ਹੋਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਕਿਸਾਨਾਂ ਨੇ ਮਿਨੀ ਸਕੱਤਰੇਤ ਦੇ ਬਾਹਰ ਹੀ ਲੰਗਰ ਸ਼ਕਿਆ ਤੇ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ।