ਪੱਤਰ ਪ੍ਰੇਰਕ
ਕੁਰੂਕਸ਼ੇਤਰ, 26 ਸਤੰਬਰ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਕਾਰਜਕਾਰੀ ਸੂਬਾਈ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਐੱਚਐੱਸਜੀਐੱਮਸੀ ਦੇ ਹੱਕ ਵਿੱਚ ਫੈਸਲਾ ਆਉਣ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੂੰ ਸੂਬੇ ਦੇ ਸਾਰੇ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਤੋਂ ਲੈ ਕੇ ਐੱਚਐੱਸਜੀਐੱਮਸੀ ਹਵਾਲੇ ਕਰਨਾ ਚਾਹੀਦਾ ਹੈ। ਦੀਦਾਰ ਸਿੰਘ ਨਲਵੀ ਸੋਮਵਾਰ ਦੇਰ ਸ਼ਾਮ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਨਲਵੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਇੰਸਪੈਕਟਰ ਨੇ ਹਰਿਆਣਾ ਦੇ ਕੁਝ ਗੁਰਦੁਆਰਿਆਂ ਸਮੇਤ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਗੋਲਕ ਦੇ ਚੜ੍ਹਾਵੇ ਦੀ ਗਿਣਤੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਇੱਥੋਂ ਦੀ ਗੋਲਕ ਨੂੰ ਹੜੱਪਣਾ ਚਾਹੁੰਦੀ ਹੈ। ਉਨ੍ਹਾਂ ਸਰਕਾਰ ਤੋਂ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਪਹਿਰਾ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ 33 ਮੈਂਬਰਾਂ ਨੇ ਜਗਦੀਸ਼ ਸਿੰਘ ਝੀਂਡਾ ਨੂੰ ਕੈਥਲ ਦੇ ਨੀਮਵਾਲਾ ਗੁਰਦੁਆਰੇ ਵਿੱਚ ਪ੍ਰਧਾਨ ਚੁਣਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ 11 ਮੈਂਬਰੀ ਕਾਰਜਕਾਰਨੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ। ਇਸ ਕਮੇਟੀ ਦੀ ਚੋਣ ਕੁਰੂਕਸ਼ੇਤਰ ਵਿੱਚ ਹੀ ਹੋਵੇਗੀ, ਜਿਸ ਦੀ ਤਰੀਕ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ 13 ਅਗਸਤ 2020 ਨੂੰ ਪ੍ਰਧਾਨ ਚੁਣੇ ਗਏ ਸਨ। ਉਨ੍ਹਾਂ ਦਾ ਕਾਰਜਕਾਲ ਢਾਈ ਸਾਲ ਦਾ ਸੀ, ਜੋ ਫਰਵਰੀ 2022 ਨੂੰ ਖਤਮ ਹੋ ਗਿਆ, ਇਸ ਲਈ ਦਾਦੂਵਾਲ ਹੁਣ ਪ੍ਰਧਾਨ ਨਹੀਂ ਰਹੇ।