ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 1 ਸਤੰਬਰ
ਲਾਡਵਾ ਦੇ ਵਿਧਾਇਕ ਮੇਵਾ ਸਿੰਘ ਨੇ ਕਿਹਾ ਕਿ ਚਾਰ ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਹੋਣ ਵਾਲੀ ਹੱਲਾ ਬੋਲ ਰੈਲੀ ਕੁੰਭਕਰਨੀ ਨੀਂਦ ਵਿੱਚ ਸੁੱਤੀ ਹੋਈ ਭਾਜਪਾ ਸਰਕਾਰ ਨੂੰ ਜਗਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਕਾਰਕੁਨਾਂ ਤੋਂ ਇਲਾਵਾ ਹਰ ਵਰਗ ਨੇ ਕਮਰਕੱਸ ਲਈ ਹੈ। ਮੇਵਾ ਸਿੰਘ ਰੈਲੀ ਲਈ ਲੋਕਾਂ ਨੂੰ ਸੱਦਾ ਦੇਣ ਦੌਰਾਨ ਪਿੰਡ ਜਲਾਲੂਦੀਨ ਮਾਜਰਾ ਪੁੱਜੇ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਮਾੜੀਆਂ ਨੀਤੀਆਂ ਕਾਰਨ ਦੇਸ਼ ਅਤੇ ਸੂਬੇ ਦੇ ਲੋਕ ਮਹਿੰਗਾਈ ਤੇ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਰਕਾਰ ਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਸ਼ਰ੍ਹੇਆਮ ਨੌਕਰੀਆਂ ਵਿਕ ਰਹੀਆਂ ਹਨ। ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਪੈਸੇ ਕੋਈ ਕੰਮ ਨਹੀਂ ਹੁੰਦਾ। ਦੂਜੇ ਪਾਸੇ, ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਸਰਕਾਰ ਸਿੱਖਿਆ ਦਾ ਨਿੱਜੀਕਰਨ ਕਰ ਰਹੀ ਹੈ।