ਮੌਨਸੂਨ ਇਜਲਾਸ: ਨਾਇਬ ਸੈਣੀ ਸਰਕਾਰ ਵੱਲੋਂ ਪੇਂਡੂ ਖੇਤਰ ’ਚ 100 ਗਜ਼ ਤੇ ਸ਼ਹਿਰੀ ਖੇਤਰ ’ਚ 50 ਗਜ਼ ਤੱਕ ਦੇ ਰਿਹਾਇਸ਼ੀ ਪਲਾਟ ’ਤੇ ਅਸ਼ਟਾਮ ਡਿਊਟੀ ਖਤਮ
ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵਾਰ ਵਾਰ ਚਰਚਾ ਕਰਨੀ ਨਹੀਂ ਬਣਦੀ: ਨਾਇਬ ਸੈਣੀ
ਹਰਿਆਣਾ ਸਰਕਾਰ ਨੇ ਸੂਬੇ ਵਿੱਚ ਪੇਂਡੂ ਖੇਤਰ ਦੇ 100 ਗਜ਼ ਤੇ ਸ਼ਹਿਰੀ ਖੇਤਰ ਦੇ 50 ਗਜ਼ ਤੱਕ ਦੇ ਰਿਹਾਇਸ਼ੀ ਪਲਾਟ ’ਤੇ ਅਸ਼ਟਾਮ ਡਿਊਟੀ ਖਤਮ ਕਰ ਦਿੱਤੀ ਹੈ। ਇਹ ਐਲਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਹਰਿਆਣਾ ਵਿਧਾਨ ਸਭਾ ਵਿੱਚ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ, ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤੇ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਦੇ ਲਾਭ ਪਾਤਰੀਆਂ ਅਤੇ ਆਮ ਲੋਕਾਂ ਲਈ ਉਪਰੋਕਤ ਵਰਗ ਦੇ ਰਿਹਾਇਸ਼ੀ ਪਲਾਟਾਂ ’ਤੇ ਅਸ਼ਟਾਮ ਡਿਊਟੀ ਖਤਮ ਕਰ ਦਿੱਤੀ ਗਈ ਹੈ।
ਇਸ ਤੋ ਪਹਿਲਾਂ ਹਰਿਆਣਾ ਵਿਧਾਨ ਸਭਾ ਵਿਚ ਮੌਨਸੂਨ ਇਜਲਾਸ ਦੇ ਚੌਥੇ ਦਿਨ ਵਿਰੋਧੀ ਧਿਰ ਕਾਂਗਰਸ ਨੇ ਅੱਜ ਕਾਨੂੰਨ ਵਿਵਸਥਾ ਦੇ ਮੁੱਦੇ ਉੱਤੇ ਹੰਗਾਮਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੇ ਮੁੱਦੇ ਉੱਤੇ ਕੱਲ੍ਹ ਚਰਚਾ ਹੋ ਚੁੱਕੀ ਹੈ, ਜਿਸ ਕਰਕੇ ਅੱਜ ਇਸ ਮੁੱਦੇ ’ਤੇ ਚਰਚਾ ਕਰਨੀ ਨਹੀਂ ਬਣਦੀ ਹੈ। ਸਪੀਕਰ ਹਰਵਿੰਦਰ ਕਲਿਆਣ ਨੇ ਵੀ ਕਾਨੂੰਨ ਵਿਵਸਥਾ ਦੇ ਮੁੱਦੇ ਉੱਤੇ ਚਰਚਾ ਨਾ ਕਰਵਾਉਣ ਦੀ ਗੱਲ ਕਹੀ।
ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਆਦਿਤਿਆ ਸੁਰਜੇਵਾਲਾ ਨੇ ਪ੍ਰਸ਼ਨਕਾਲ ਦੌਰਾਨ ਸੂਬੇ ਵਿੱਚ ਅਪਰਾਧਕ ਮਾਮਲਿਆਂ ਬਾਰੇ ਸਵਾਲ ਪੁੱਛਿਆ ਤਾਂ ਮੰਤਰੀ ਵੱਲੋਂ ਜਵਾਬ ਦਿੱਤਾ ਗਿਆ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।
ਕਾਂਗਰਸੀ ਵਿਧਾਇਕਾਂ ਨੇ ਸਦਨ ਦੇ ਐਨ ਵਿਚਾਲੇ ਪਹੁੰਚ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਲੰਘੇ ਦਿਨ ਆਪਣੇ ਭਾਸ਼ਣ ਦੌਰਾਨ ਸ਼ੈਤਾਨ ਸ਼ਬਦ ਦੀ ਵਰਤੋਂ ਕੀਤੀ ਹੈ, ਉਹ ਗਲਤ ਹੈ। ਇਹ ਕਿਸ ਨੂੰ ਕਿਹਾ ਗਿਆ ਹੈ। ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਸਾਰਿਆਂ ਨੂੰ ਸ਼ਾਂਤ ਕਰਵਾਇਆ।