ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਲਈ ਰਾਹਤ ਸਮੱਗਰੀ ਭੇਜੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਤੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 20 ਟਰੱਕਾਂ ਵਿੱਚ ਰਾਹਤ ਸਮੱਗਰੀ ਭੇਜੀ ਹੈ। ਇਹ ਟਰੱਕ ਵੱਖ-ਵੱਖ ਜ਼ਿਲ੍ਹਿਆਂ ਲਈ ਰਵਾਨਾ ਕੀਤੇ ਗਏ। ਰਾਹਤ ਸਮੱਗਰੀ ਵਿੱਚ ਦਾਲਾਂ, ਚੌਲ, ਪਾਣੀ, ਜੂਸ, ਅਚਾਰ, ਮੈਡੀਕਲ ਕਿੱਟਾਂ, ਮੱਛਰਦਾਨੀਆਂ, ਤਰਪਾਲਾਂ, ਪਸ਼ੂਆਂ ਲਈ ਹਰਾ ਚਾਰਾ, ਤੂੜੀ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ।
ਇਸ ਮੌਕੇ ਸੈਣੀ ਨੇ ਕਿਹਾ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹਰਿਆਣਾ ਦੇ ਨਾਗਰਿਕਾਂ, ਸਮਾਜਿਕ ਸੰਸਥਾਵਾਂ ਅਤੇ ਹੋਰ ਸੰਗਠਨਾਂ ਦੇ ਸਹਿਯੋਗ ਨਾਲ ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।
ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨੂੰ ਤੁਰੰਤ ਸਹਾਇਤਾ ਵਜੋਂ 5-5 ਕਰੋੜ ਰੁਪਏ ਦਿੱਤੇ ਗਏ ਹਨ।
ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਪਾਣੀ ਭਰੇ ਇਲਾਕਿਆਂ ਵਿੱਚ ਨਾਗਰਿਕਾਂ ਅਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਈ-ਕਸ਼ਤੀਪੂਰਤੀ ਪੋਰਟਲ ਖੋਲ੍ਹਿਆ ਗਿਆ ਹੈ।