ਔਰਤਾਂ ਨੂੰ 1,000 ਰੁਪਏ ਦੇਣ ਵਿੱਚ ਨਾਕਾਮ ਰਹਿਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੰਜਾਬ ਸਰਕਾਰ ’ਤੇ ਨਿਸ਼ਾਨਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ’ਤੇ ਸੂਬੇ ਦੀ ਹਰੇਕ ਔਰਤ ਨੂੰ 1,000 ਰੁਪਏ ਦੇਣ ਦੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਵਿੱਚ ਕਥਿਤ ਤੌਰ 'ਤੇ ਨਾਕਾਮ ਰਹਿਣ...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ’ਤੇ ਸੂਬੇ ਦੀ ਹਰੇਕ ਔਰਤ ਨੂੰ 1,000 ਰੁਪਏ ਦੇਣ ਦੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਵਿੱਚ ਕਥਿਤ ਤੌਰ 'ਤੇ ਨਾਕਾਮ ਰਹਿਣ ਲਈ ਨਿਸ਼ਾਨਾ ਸੇਧਿਆ ਹੈ।
ਸਾਬਕਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਚੀਮਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੱਤਾਧਾਰੀ 'ਆਪ' ਨੇ 'ਸਬਜ਼ ਬਾਗ' ਦਾ ਵਾਅਦਾ ਕਰਕੇ ਪੰਜਾਬ ਦੇ ਲੋਕਾਂ ਦੀਆਂ ਵੋਟਾਂ ਲਈਆਂ, ਪਰ ਬਾਅਦ ਵਿੱਚ ਉਨ੍ਹਾਂ ਦਾ ਸ਼ੋਸ਼ਣ ਕੀਤਾ। ਸੈਣੀ ਨੇ ਦੋਸ਼ ਲਾਇਆ ਕਿ ਕਾਂਗਰਸ ਵਾਂਗ 'ਆਪ' ਆਪਣੇ ਵਾਅਦਿਆਂ ਨੂੰ ਲਾਗੂ ਕਰਨਾ ਭੁੱਲ ਗਈ ਹੈ। ਉਨ੍ਹਾਂ ਅੱਗੇ ਕਿਹਾ, "ਅੱਜ ਲੋਕ ਜਾਣਦੇ ਹਨ ਕਿ ਉਨ੍ਹਾਂ ਨੇ ਕਾਂਗਰਸ ਅਤੇ 'ਆਪ' ਨੂੰ ਪੰਜਾਬ ਤੋਂ ਦੂਰ ਰੱਖਣਾ ਹੈ।"
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਮੁੱਖ ਮੰਤਰੀ "ਪਹੁੰਚ ਤੋਂ ਬਾਹਰ" ਹੈ।
ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦਾ ਜ਼ਿਕਰ ਕਰਦਿਆਂ ਸੈਣੀ ਨੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸੈਣੀ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਸੂਬੇ ਦੀ ਹਰੇਕ ਔਰਤ ਨੂੰ 1,000 ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ।
ਉਨ੍ਹਾਂ ਕਿਹਾ, "ਉਨ੍ਹਾਂ ਨੇ ਸਿਰਫ਼ ਉਨ੍ਹਾਂ (ਔਰਤਾਂ) ਦੀਆਂ ਵੋਟਾਂ ਲਈਆਂ।’’ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਯੋਗ ਔਰਤਾਂ ਨੂੰ 2,100 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕਰਨ ਲਈ ਆਪਣੀ ਪਹਿਲੇ ਬਜਟ ਵਿੱਚ ਹੀ 'ਲਾਡੋ ਲਕਸ਼ਮੀ' ਸਕੀਮ ਲਈ 5,000 ਕਰੋੜ ਰੁਪਏ ਅਲਾਟ ਕੀਤੇ ਹਨ।
ਸੈਣੀ ਨੇ ਕਿਹਾ, "ਪੰਜਾਬ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਮਰਥਨ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਨੇ ਕਾਂਗਰਸ ਅਤੇ 'ਆਪ' ਦੀਆਂ ਸਰਕਾਰਾਂ ਨੂੰ ਵੇਖ ਲਿਆ ਹੈ। ਜਦੋਂ ਮੈਂ ਪੰਜਾਬ ਦੇ ਲੋਕਾਂ ਨੂੰ ਪੁੱਛਦਾ ਹਾਂ ਕਿ ਉਨ੍ਹਾਂ ਨੇ 'ਆਪ' ਨੂੰ ਵੋਟ ਕਿਉਂ ਦਿੱਤੀ, ਤਾਂ ਉਹ ਮੈਨੂੰ ਦੱਸਦੇ ਹਨ ਕਿ ਉਨ੍ਹਾਂ ਨੇ ਗ਼ਲਤੀ ਕੀਤੀ ਹੈ।"
ਮੁੱਖ ਮੰਤਰੀ ਨੇ ਕਿਹਾ, "ਭਾਜਪਾ ਦੀ ਵਚਨਬੱਧਤਾ ਹੈ; ਜੋ ਕਹਿੰਦੀ ਹੈ, ਉਹ ਲਾਗੂ ਕਰਦੀ ਹੈ," ਅਤੇ ਅੱਗੇ ਕਿਹਾ ਕਿ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 'ਆਪ' ਉਸੇ ਤਰ੍ਹਾਂ ਹਾਰ ਜਾਵੇਗੀ, ਜਿਵੇਂ ਉਹ ਦਿੱਲੀ ਵਿੱਚ ਸੱਤਾ ਤੋਂ ਬਾਹਰ ਹੋ ਗਈ ਸੀ। -ਪੀਟੀਆਈ