ਪ੍ਰਭੂ ਦਿਆਲ
ਸਿਰਸਾ, 20 ਸਤੰਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿੱਟ ਖਾਰਿਜ ਕੀਤੇ ਜਾਣ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਫੈਸਲਾ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਫੈਸਲੇ ਮਗਰੋਂ ਹਰਿਆਣਾ ਸਿੱਖ ਸੰਗਤ ਨੂੰ ਹਰਿਆਣਾ ਅੰਦਰਲੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਦਾ ਮੌਕਾ ਮਿਲੇਗਾ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦਾ ਫੈਸਲਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਆਉਣ ਨਾਲ ਹਰਿਆਣਾ ਦੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਫੈਸਲੇ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰਿਆਣਾ ਦੇ ਇਤਿਹਾਸਿਕ ਗੁਰਦੁਆਰਿਆਂ ਦੀ ਸਾਂਭ ਸੰਭਾਲ ਤੋਂ ਇਲਾਵਾ ਕਮੇਟੀ ਅਧੀਨ ਚੱਲਣ ਵਾਲੇ ਸਕੂਲ, ਕਾਲਜ ਤੇ ਹੋਰ ਆਦਾਰਿਆਂ ਦੀ ਸਾਂਭ ਸੰਭਾਲ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਹਰਿਆਣਾ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ ਤੇ ਹਰਿਆਣਾ ਸਰਕਾਰ ਦੇ ਨਾਲ ਨਾਲ ਕੇਂਦਰ ਸਰਕਾਰ ਤੇ ਕੋਰਟ ਵਿੱਚ ਹਰਿਆਣਾ ਦਾ ਪੱਖ ਰੱਖਣ ਵਾਲੇ ਵਕੀਲਾਂ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਲਦ ਹੀ ਹਰਿਆਣਾ ਵਿੱਚ ਸਿੱਖ ਸੰਗਤ ਵੱਲੋਂ ਇਕ ਵੱਡਾ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਦਿ ਨੂੰ ਸਹਿਯੋਗ ਦੇਣ ਲਈ ਸਨਮਾਨਿਤ ਕੀਤਾ ਜਾਵੇਗਾ।