ਆਤਿਸ਼ ਗੁਪਤਾ
ਚੰਡੀਗੜ੍ਹ, 27 ਜੂਨ
ਹਰਿਆਣਾ ਸਰਕਾਰ ਨੇ ਸੂਬੇ ਵਿੱਚ ਕਰੋਨਾਵਾਇਰਸ ਦੀ ਤੀਜੀ ਲਹਿਰ ਦੀ ਆਮਦ ਦਾ ਖਦਸ਼ਾ ਜਤਾਉਂਦਿਆ ਤਾਲਾਬੰਦੀ 5 ਜੁਲਾਈ ਤੱਕ ਵਧਾ ਦਿੱਤੀ ਹੈ। ਸੂਬੇ ਵਿੱਚ 28 ਜੂਨ ਸਵੇਰੇ 5 ਵਜੇ ਤੋਂ 5 ਜੁਲਾਈ ਸਵੇਰੇ 5 ਵਜੇ ਤੱਕ ‘ਮਹਾਮਾਰੀ ਅਲਰਟ-ਸੁਰੱਖਿਅਤ ਹਰਿਆਣਾ’ (ਲੌਕਡਾਊਨ) ਤਹਿਤ ਪਾਬੰਦੀਆਂ ਜਾਰੀ ਰਹਿਣਗੀਆਂ। ਸਰਕਾਰ ਨੇ ਸੂਬੇ ਵਿੱਚ ਆਂਗਨਵਾੜੀ ਸੇਂਟਰ ਅਤੇ ਕਰੈੱਚ ਨੂੰ 31 ਜੁਲਾਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਸੂਬੇ ਵਿੱਚ ਧਾਰਮਿਕ ਸਥਾਨਾਂ ਨੂੰ 50 ਫ਼ੀਸਦ ਇਕੱਠ ਨਾਲ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿਆਹ ਸਮਾਗਮ ਅਤੇ ਸਸਕਾਰ ਵਿੱਚ 50 ਜਣੇ ਸ਼ਾਮਲ ਹੋ ਸਕਣਗੇ। ਸੂਬੇ ਦੇ ਕਲੱਬ, ਰੈਸਟੋਰੇਂਟ, ਬਾਰ ਵੀ 50 ਫ਼ੀਸਦ ਸਮਰੱਥਾਂ ਨਾਲ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਖੁੱਲ੍ਹੇ ਰਹਿਣਗੇ। ਜਿੰਮ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ 50 ਫ਼ੀਸਦ ਸਮਰੱਥਾ ਨਾਲ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ। ਸੂਬਾ ਸਰਕਾਰ ਅਨੁਸਾਰ ਸਪੋਰਟਸ ਕੰਪਲੈਕਸ ਵਿੱਚ ਕੋਵਿਡ ਨਿਯਮਾਂ ਤਹਿਤ ਖੇਡਾਂ ਨੂੰ ਪ੍ਰਵਾਨਗੀ ਦੇ ਦਿੱਤੀ। ਸਵੀਮਿੰਗ ਪੂਲ ਬੰਦ ਰਹਿਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਿਆਂ ਦੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਫ਼ੈਸਲਾ ਲੈਣ ਦੀ ਛੋਟ ਦਿੱਤੀ ਹੈ।