ਪ੍ਰਭੂ ਦਿਆਲ
ਸਿਰਸਾ, 20 ਸਤੰਬਰ
ਖੇਤੀ ਸਬੰਧੀ ਬਿੱਲ ਲੋਕ ਸਭਾ ਮਗਰੋਂ ਰਾਜ ਸਭਾ ਵਿੱਚ ਪਾਸ ਹੋਣ ਮਗਰੋਂ ਕਿਸਾਨਾਂ ’ਚ ਭਾਰੀ ਰੋਹ ਪੈਦਾ ਹੋ ਗਿਆ ਹੈ। ਕਿਸਾਨਾਂ ਨੇ ਨੈਸ਼ਨਲ ਹਾਈ ਵੇਅ ਨੰਬਰ ਨੌਂ ’ਤੇ ਜਾਮ ਲਾ ਕੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲੀਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤਾ ਹੋਇਆ ਸੀ।
ਕਿਸਾਨਾਂ ਦੀਆਂ ਇਕ ਦਰਜਨ ਤੋਂ ਵੱਧ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਨੈਸ਼ਨਲ ਹਾਈਵੇਅ ’ਤੇ ਜਾਮ ਲਾਇਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਿਆ। ਇਸ ਦੌਰਾਨ ਕਿਸਾਨਾਂ ਦੇ ਨਾਲ ਖੇਤ ਮਜ਼ਦੂਰ, ਨੌਜਵਾਨ ਸਭਾ ਦੇ ਕਾਰਕੁਨ ਮੌਜੂਦ ਸਨ। ਕਿਸਾਨ ਆਗੂ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਖੇਤੀ ਸਬੰਧੀ ਬਿੱਲਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। ਇਸ ਦੌਰਾਨ ਐਸਜੀਪੀਸੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਤਿਲਕ ਰਾਜ ਵਿਨਾਇਕ, ਜਗਰੂਪ ਸਿੰਘ, ਜਗਤ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ ਹਜ਼ਾਰਾਂ ਕਿਸਾਨ ਮੌਜੂਦ ਸਨ।