ਆਤਿਸ਼ ਗੁਪਤਾ
ਚੰਡੀਗੜ੍ਹ, 25 ਮਈ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ‘ਰੋਸ ਪ੍ਰਦਰਸ਼ਨ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਸਬੰਧੀ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀਆਂ ਵੱਲੋਂ ਸੂਬੇ ਦੇ ਘਰਾਂ, ਦੁਕਾਨਾਂ, ਖੇਤਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਗਾਉਣ ਦਾ ਸੱਦਾ ਦਿੱਤਾ ਗਿਆ ਹੈ। ਇਸੇ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸੱਤਾ ਵਿੱਚ ਆਇਆਂ 7 ਸਾਲ ਪੂਰੇ ਹੋ ਰਹੇ ਹਨ। ਇਨ੍ਹਾਂ ਸੱਤ ਸਾਲਾਂ ਦੌਰਾਨ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ। ਇਸ ਦੇ ਨਾਲ ਹੀ ਸੂਬੇ ਦੇ ਕਿਸਾਨ ਧਰਨਿਆਂ ਵਿੱਚ ਮਹਾਤਮਾ ਬੁੱਧ ਦੀ ਜੈਅੰਤੀ ਮਨਾਈ ਜਾਵੇਗੀ।
ਭਾਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਆਗੂ ਰਵੀ ਆਜ਼ਾਦ ਨੇ ਕਿਹਾ ਕਿ 26 ਮਈ ਨੂੰ ‘ਰੋਸ ਪ੍ਰਦਰਸ਼ਨ ਦਿਵਸ’ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਸੂਬੇ ਦੇ ਹਰ ਟੌਲ ਪਲਾਜ਼ਾ ਅਤੇ ਪ੍ਰਦਰਸ਼ਨ ਵਾਲੀ ਥਾਂ ਦੇ ਨਾਲ-ਨਾਲ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ। ਇਸ ਤੋਂ ਇਲਾਵਾ ਕਿਸਾਨ, ਮਜ਼ਦੂਰ ਅਤੇ ਕਿਸਾਨ ਹਮਾਇਤੀਆਂ ਵੱਲੋਂ ਆਪਣੇ ਘਰਾਂ, ਦੁਕਾਨਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਲੰਘੇ ਦਿਨ ਹਿਸਾਰ ਵਿੱਚ ਕਿਸਾਨਾਂ ਦੇ ਦਬਾਅ ਕਾਰਨ ਹਰਿਆਣਾ ਸਰਕਾਰ ਵੱਲੋਂ ਲਏ ਫ਼ੈਸਲੇ ਨੇ ਸਪੱਸ਼ਟ ਕਰ ਦਿੱਤਾ ਕਿ ਜਲਦ ਹੀ ਜਿੱਤ ਕਿਸਾਨਾਂ ਦੀ ਹੋਵੇਗੀ।
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਤੋਂ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਸੁਮਨ ਹੁੱਡਾ ਨੇ ਕਿਹਾ ਕਿ ‘ਰੋਸ ਪ੍ਰਦਰਸ਼ਨ ਦਿਵਸ’ ਵਿੱਚ ਔਰਤਾਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੀਆਂ ਜੋ ਕਾਲੀਆਂ ਚੁੰਨੀਆਂ ਅਤੇ ਕਾਲੇ ਝੰਡੇ ਲੈ ਕੇ ਕਿਸਾਨ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਕੇਂਦਰ ਵਿੱਚ ਕਾਬਜ਼ ਲੋਕ ਵਿਰੋਧੀ ਸਰਕਾਰ ਖ਼ਿਲਾਫ਼ ਟੋਹਾਣਾ ਵਿੱਚ ਮੋਟਰਸਾਈਕਲ ਅਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ।