ਹਰਿਆਣਾ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
ਆਤਿਸ਼ ਗੁਪਤਾ
ਹਰਿਆਣਾ ਵਿੱਚ ਹੜ੍ਹਾਂ ਕਰਕੇ ਅੱਧਾ ਦਰਜਨ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਪ੍ਰਭਾਵਿਤ ਹੋਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੇ ਘਰ ਤੇ ਫ਼ਸਲਾਂ ਦੇ ਨੁਕਸਾਨ ਅਤੇ ਪਸ਼ੂਆਂ ਦੀ ਮੌਤ ’ਤੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਲਈ ਸੂਬਾ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਲਈ 3 ਕਰੋੜ 26 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਰਾਸ਼ੀ ਦੀ ਵਰਤੋਂ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਭੋਜਨ, ਕੱਪੜੇ, ਅਸਥਾਈ ਰੈਣ ਬਸੇਰੇ, ਤੰਬੂ, ਪਸ਼ੂਆਂ ਲਈ ਚਾਰਾ ਤੇ ਪੈਟਰੋਲ, ਡੀਜ਼ਲ ਤੇ ਹੋਰ ਜ਼ਰੂਰੀ ਵਸਤੂਆਂ ਲਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।
ਸ੍ਰੀ ਸੈਣੀ ਨੇ ਕਿਹਾ ਕਿ ਹੜ੍ਹਾਂ ਕਾਰਨ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਦੀ ਰਕਮ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਵੀ ਮਦਦ ਲਈ ਦੋ ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਰਕੇ ਨੁਕਸਾਨੇ ਗਏ ਮੈਦਾਨੀ ਇਲਾਕੇ ਦੇ ਘਰਾਂ ਨੂੰ 1.20 ਲੱਖ ਰੁਪਏ, ਪਹਾੜੀ ਇਲਾਕੇ ਦੇ ਘਰਾਂ ਲਈ 1.30 ਲੱਖ ਰੁਪਏ ਅਤੇ ਅੰਸ਼ਿਕ ਤੌਰ ’ਤੇ ਨੁਕਸਾਨੇ ਗਏ ਘਰਾਂ ਨੂੰ 5 ਤੋਂ 10 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡ ਵਿੱਚ ਦੁਕਾਨ, ਸੰਸਥਾਨ ਤੇ ਉਦਯੋਗ ਦੇ ਤਬਾਹ ਹੋਣ ’ਤੇ ਇਕ ਲੱਖ ਰੁਪਏ, ਦੁਧਾਰੂ ਪਸ਼ੂ ਮੱਝ ਤੇ ਗਾਂ ਲਈ 37,500 ਰੁਪਏ, ਭੇਡ, ਬੱਕਰੀ ਤੇ ਸੂਰ ਲਈ 4-4 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ।
ਹਰਿਆਣਾ ਡਰੋਨ ਤਕਨੀਕ ਦਾ ਹੱਬ ਬਣੇਗਾ: ਸੈਣੀ
ਚੰਡੀਗੜ੍ਹ (ਟਨਸ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹਰਿਆਣਾ ਸਰਕਾਰ ਨੇ ਵਿਕਸਿਤ ਹਰਿਆਣਾ ਦੀ ਠੋਸ ਰੂਪ-ਰੇਖਾ ਤਿਆਰ ਕੀਤੀ ਹੈ। ਇਸ ਦਿਸ਼ਾ ਵਿੱਚ ਹਰਿਆਣਾ ਨੂੰ ਡਰੋਨ ਤਕਨੀਕ, ਖੋਜ ਅਤੇ ਨਵੀਂ ਤਕਨੀਕ ਦਾ ਹੱਬ ਬਣਾਉਣ ਦੀ ਪਹਿਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਚ 252 ਡਰੋਨ ਪਾਇਲਟਾਂ ਅਤੇ 136 ਡਰੋਨ ਤਕਨੀਸ਼ੀਅਨਾਂ ਨੂੰ ਸਰਟੀਫਿਕੇਟ ਸੌਂਪੇ। ਉਨ੍ਹਾਂ ਕਿਹਾ ਕਿ ਹਿਸਾਰ ਜ਼ਿਲ੍ਹੇ ਦੇ ਪਿੰਡ ਸਿਸਾਏ ਵਿੱਚ ਦੇਸ਼ ਦਾ ਪਹਿਲਾ ਡਰੋਨ ਮੈਨੂਫੈਕਚਰਿੰਗ ਤਕਨਾਲੋਜੀ ਹੱਬ ਸਥਾਪਿਤ ਕੀਤਾ ਜਾ ਰਿਹਾ ਹੈ, ਜੋ ਦੱਖਣ ਏਸ਼ੀਆ ਦਾ ਸੱਭ ਤੋਂ ਵੱਡਾ ਹੱਬ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਫੌਜ ਅਤੇ ਸੁਰੱਖਿਆ ਬਲਾਂ ਲਈ ਪੰਜ ਡਰੋਨ ਅਤੇ ਏਵੀਪੀਐਲ ਇੰਟਰਨੈਸ਼ਨਲ ਦੇ ਐਗਰੀਕਲਚਰ ਡਰੋਨ ਪੈਵੇਲੀਅਨ ਦਾ ਉਦਘਾਟਨ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਦਾ ਹਾਲ-ਚਾਲ ਪੁੱਛਿਆ
ਮੁਹਾਲੀ (ਕਰਮਜੀਤ ਸਿੰਘ ਚਿੱਲਾ): ਮੁਹਾਲੀ ਦੇ ਫੇਜ਼ ਅੱਠ ਦੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿਚ ਸੁਧਾਰ ਹੈ। ਇਸੇ ਮੌਕੇ ਅੱਜ ਸਵੇਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਸਪਤਾਲ ਪਹੁੰਚ ਕੇ ਭਗਵੰਤ ਮਾਨ ਦਾ ਹਾਲ ਪੁੱਛਿਆ। ਉਨ੍ਹਾਂ ਇਸ ਮੌਕੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਸ ਮਗਰੋਂ ਰਾਜ ਸਭਾ ਮੈਂਬਰ ਅਤੇ ‘ਆਪ’ ਦੇ ਸੀਨੀਅਰ ਆਗੂ ਸੰਜੈ ਸਿੰਘ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸੇ ਤਰ੍ਹਾਂ ਰੂਪਨਗਰ ਰੇਂਜ ਦੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਹਸਪਤਾਲ ਦਾ ਦੌਰਾ ਕਰਕੇ ਮੁੱਖ ਮੰਤਰੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।