ਹਰਿਆਣਾ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ: Nayab Singh Saini
ਮੁੱਖ ਮੰਤਰੀ ਵੱਲੋਂ ਪੰਜ ਪਿੰਡਾਂ ਦਾ ਦੌਰਾ; 21-21 ਲੱਖ ਰੁਪਏ ਗਰਾਂਟ ਦਾ ਐਲਾਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਦੇ ਪਿੰਡ ਭੈਣੀ, ਭਲਾੜ, ਧਨੋਰਾ ਜੱਟਾਂ, ਖੇੜੀ ਦਬਦਲਾਂ ਤੇ ਘਦੌਲਾ ਦਾ ਦੌਰਾ ਕੀਤਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਸਮਰਥਨ ਲਈ ਲੋਕਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਪੰਜ ਪਿੰਡਾਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਤੋਂ ਮਿਲੇ ਭਾਰੀ ਸਮਰਥਨ ਤੇ ਭਰੋਸੇ ’ਤੇ ਖਰਾ ਉਤਰਨਗੇ। ਉਨ੍ਹਾਂ ਨੇ ਹਰੇਕ ਪਿੰਡ ਨੂੰ 21-21 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਲਾਡਵਾ ਵਿਧਾਨ ਸਭਾ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਤੇ ਵਿਸ਼ਵਾਸ ਨੂੰ ਕਦੇ ਨਹੀਂ ਭੁੱਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਵਿਸ਼ਵਾਸ ਹੀ ਸਭ ਤੋਂ ਵੱਡੀ ਸੰਪਤੀ ਹੈ ਅਤੇ ਇਹ ਵਿਸ਼ਵਾਸ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਣ ਦੇ ਉਨ੍ਹਾਂ ਦੇ ਯਤਨਾਂ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦੇ ਹਰ ਖੇਤਰ ਤੇ ਵਰਗ ਦੇ ਵਿਕਾਸ ਲਈ ਵਚਨਬੱਧ ਹੈ। ਪਿੰਡਾਂ ਵਿੱਚ ਸੜਕਾਂ, ਪੀਣ ਵਾਲਾ ਪਾਣੀ, ਸਿੱਖਿਆ, ਸਿਹਤ, ਸਿੰਜਾਈ, ਬਿਜਲੀ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਲਗਾਤਾਰ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਐਲਾਨ ਕਰਨਾ ਹੀ ਨਹੀਂ, ਸਗੋਂ ਹਰ ਐਲਾਨ ਨੂੰ ਸਮੇਂ ਸਿਰ ਲਾਗੂ ਕਰਨਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਖ਼ਰਚੇ ਜਾਂ ਪਰਚੀ-ਖਰਚੀ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਕਿਸਾਨਾਂ ਦੇ ਹਿੱਤਾਂ ਲਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਔਰਤਾਂ, ਗਰੀਬਾਂ ਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਜਨਤਕ ਸੇਵਾ ਹੈ ਅਤੇ ਜਨਤਕ ਉਮੀਦਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਤਰਜੀਹ ਹੈ। ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਮੁੱਖ ਮੰਤਰੀ ਦੇ ਨੁਮਾਇੰਦੇ ਕੈਲਾਸ਼ ਸੈਣੀ, ਭਾਜਪਾ ਜ਼ਿਲ੍ਹਾ ਪ੍ਰਧਾਨ ਰਮੇਸ਼ ਸੈਣੀ, ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਤੁਸ਼ਾਰ ਸੈਣੀ, ਜ਼ਿਲ੍ਹਾ ਪਰਿਸ਼ਦ ਚੇਅਰਪਰਸਨ ਕੰਵਲਜੀਤ ਕੌਰ, ਚੇਅਰਮੈਨ ਸੁਭਾਸ਼ ਕਲਸਾਣਾ, ਧਰਮਵੀਰ ਮਿਰਜ਼ਾਪੁਰ, ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਅਨਿਲ ਟਾਟਕਾ, ਨਾਇਬ ਪਟਾਕ ਮਾਜਰਾ, ਜਸਵਿੰਦਰ ਜੱਸੀ ਭੀਮ ਬੇਰਥਲਾ ਆਦਿ ਮੌਜੂਦ ਸਨ।
