ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ : The Tribune India

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆਂ ਨਾਲ ਮੀਟਿੰਗ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਆਤਿਸ਼ ਗੁਪਤਾ
ਚੰਡੀਗੜ੍ਹ, 5 ਦਸੰਬਰ

ਹਰਿਆਣਾ ਸਰਕਾਰ ਨੇ ਸਾਲ 2016 ਦੇ ਜਾਟ ਰਾਖਵਾਂਕਰਨ ਅੰਦੋਲਨ ਅਤੇ ਸਾਲ 2020-21 ਦੇ ਕਿਸਾਨ ਅੰਦੋਲਨ ਦੌਰਾਨ ਸੂਬੇ ਭਰ ਵਿੱਚ ਦਰਜ ਪੁਲੀਸ ਕੇਸਾਂ ਨੂੰ ਰੱਦ ਕਰਨ ਲਈ ਤਿਆਰੀ ਖਿੱਚ ਲਈ ਹੈ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਇਸ ਸਬੰਧੀ 6 ਦਸੰਬਰ ਨੂੰ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਉਕਤ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਜਾਟ ਰਾਖਵਾਂਕਰਨ ਅੰਦੋਲਨ ਅਤੇ ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸਾਂ ਦੀ ਰਿਪੋਰਟ ਨਾਲ ਲਿਆਉਣ ਦੀ ਹਦਾਇਤ ਦਿੱਤੀ ਹੈ। ਸ੍ਰੀ ਵਿੱਜ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਆਲ ਇੰਡੀਆ ਜਾਟ ਆਰਕਸ਼ਣ ਸੰਘਰਸ਼ ਸਮਿਤੀ’ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਜਾਟ ਅੰਦੋਲਨ ਦੌਰਾਨ 489 ਪੁਲੀਸ ਕੇਸ ਅਤੇ ਕਿਸਾਨ ਅੰਦੋਲਨ ਦੌਰਾਨ 189 ਕੇਸ ਦਰਜ ਕੀਤੇ ਗਏ ਸਨ।

ਗੌਰਤਲਬ ਹੈ ਕਿ ‘ਆਲ ਇੰਡੀਆ ਜਾਟ ਆਰਕਸ਼ਣ ਸੰਘਰਸ਼ ਸਮਿਤੀ’ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਜਾਟ ਅੰਦੋਲਨ ਅਤੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਲਈ ਪਿਛਲੇ ਦਿਨੀਂ ਸੂਬੇ ਦੇ ਗ੍ਰਹਿ ਮੰਤਰੀ ਨਾਲ ਸੰਘਰਸ਼ ਸਮਿਤੀ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁਲਾਕਾਤ ਕੀਤੀ ਸੀ ਅਤੇੇ ਉਨ੍ਹਾਂ ਨੇ ਕੇਸ ਰੱਦ ਕਰਨ ਬਾਰੇ ਭਰੋਸਾ ਦਿਵਾਇਆ ਸੀ।

ਲਖੀਮਪੁਰ ਹਿੰਸਾ: ਦੋਸ਼ ਮੁਕਤ ਕਰਨ ਬਾਰੇ ਆਸ਼ੀਸ਼ ਮਿਸ਼ਰਾ ਦੀ ਅਰਜ਼ੀ ਖਾਰਜ

ਲਖੀਮਪੁਰ ਖੀਰੀ: ਲਖੀਮਪੁਰ ਖੀਰੀ ਹਿੰਸਾ ਕੇਸ ਵਿਚ ਅਦਾਲਤ ਨੇ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦੋਸ਼ ਮੁਕਤ ਕਰਨ ਬਾਰੇ ਪਾਈ ਅਰਜ਼ੀ ਖਾਰਜ ਕਰ ਦਿੱਤੀ ਹੈ। ਆਸ਼ੀਸ਼ ਤੋਂ ਇਲਾਵਾ 13 ਹੋਰਾਂ ਨੇ ਵੀ ਨਾਂ ਹਟਾਉਣ ਬਾਰੇ ਅਰਜ਼ੀ ਪਾਈ ਸੀ। ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਜੱਜ ਨੇ ਡਿਸਚਾਰਜ ਅਰਜ਼ੀ ਖਾਰਜ ਕਰ ਦਿੱਤੀ ਹੈ। ਮੁਲਜ਼ਮਾਂ ਖ਼ਿਲਾਫ਼ ਹੁਣ ਭਲਕੇ ਦੋਸ਼ ਤੈਅ ਕੀਤੇ ਜਾਣਗੇ। ਸਾਰੇ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਲਖੀਮਪੁਰ ਦੇ ਤਿਕੁਨੀਆ ਵਿਚ ਅਕਤੂਬਰ, 2021 ਵਿਚ ਹੋਈ ਹਿੰਸਾ ’ਚ 8 ਜਣੇ ਮਾਰੇ ਗਏ ਸਨ। ਚਾਰ ਕਿਸਾਨਾਂ ਉਤੇ ਗੱਡੀ ਚੜ੍ਹਾ ਦਿੱਤੀ ਗਈ ਸੀ ਜਿਸ ਵਿਚ ਕਥਿਤ ਤੌਰ ’ਤੇ ਆਸ਼ੀਸ਼ ਮਿਸ਼ਰਾ ਵੀ ਸਵਾਰ ਸੀ। ਦੋ ਭਾਜਪਾ ਵਰਕਰਾਂ ਤੇ ਡਰਾਈਵਰ ਦੀ ਹੱਤਿਆ ਨਾਲ ਜੁੜੀ ਇਕ ਹੋਰ ਐਫਆਈਆਰ ਦੇ ਮਾਮਲੇ ਵਿਚ ਅਦਾਲਤ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਹਨ। ਇਸ ਮਾਮਲੇ ਵਿਚ ਵਿਚਿੱਤਰ ਸਿੰਘ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ ਤੇ ਗੁਰਵਿੰਦਰ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਕੇਸ ਵਿਚ 15 ਦਸੰਬਰ ਨੂੰ ਸਬੂਤ ਪੇਸ਼ ਕੀਤੇ ਜਾਣਗੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All