ਆਤਿਸ਼ ਗੁਪਤਾ
ਚੰਡੀਗੜ੍ਹ, 4 ਜੂਨ
ਹਰਿਆਣਾ ਸਰਕਾਰ ਰਾਜਧਾਨੀ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਅੱਜ ਚੰਡੀਗੜ੍ਹ ’ਚ ਤਿੰਨ ਥਾਵਾਂ ਦਾ ਦੌਰਾ ਕੀਤਾ। ਇਸ ਮੌਕੇ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ, ਯੂਟੀ ਦੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ, ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।
ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ 10 ਏਕੜ ਜ਼ਮੀਨ ਦੀ ਲੋੜ ਹੈ। ਇਸ ਲਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਈਟੀ ਪਾਰਕ ਰੋਡ ’ਤੇ ਰੇਲਵੇ ਸਟੇਸ਼ਨ ਨੇੜੇ ਲਾਈਟ ਪੁਆਇੰਟ ਸਮੇਤ ਸ਼ਹਿਰ ਵਿੱਚ ਦੋ ਹੋਰ ਥਾਵਾਂ ਦਾ ਦੌਰਾ ਕੀਤਾ। ਹਾਲਾਂਕਿ ਇਸ ਸਬੰਧੀ ਹਾਲੇ ਕੋਈ ਆਖਰੀ ਫ਼ੈਸਲਾ ਨਹੀਂ ਲਿਆ ਗਿਆ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ 10 ਏਕੜ ਜ਼ਮੀਨ ਦੇ ਬਦਲੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਚਕੂਲਾ ਵਿੱਚ ਜ਼ਮੀਨ ਮੁਹੱਈਆ ਕਰਵਾਈ ਜਾ ਸਕਦੀ ਹੈ। ਇਸ ਨਾਲ ਹਰਿਆਣਾ ਨੂੰ ਵੱਖਰੇ ਤੌਰ ’ਤੇ ਯੂਟੀ ਨੂੰ ਪੈਸੇ ਦੇਣ ਦੀ ਲੋੜ ਨਹੀਂ ਹੋਵੇਗੀ। ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਵਿਧਾਇਕਾਂ ਦੀ ਗਿਣਤੀ ਵੀ 90 ਤੋਂ ਵਧ ਕੇ 126 ਹੋ ਸਕਦੀ ਹੈ, ਅਜਿਹੇ ਹਾਲਾਤ ਵਿੱਚ ਹਰਿਆਣਾ ਨੂੰ ਗੁਜ਼ਾਰਾ ਕਰਨਾ ਮੁਸ਼ਕਿਲ ਹੋਵੇਗਾ।