ਹੜ੍ਹਾਂ ਨਾਲ ਨਜਿੱਠਣ ਲਈ ਹਰਿਆਣਾ ਸਰਕਾਰ ਗੰਭੀਰ: ਡੀ ਸੀ
ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨਾਲ ਹਡ਼੍ਹ ਦੀ ਮਾਰ ਵਾਲੇ ਖੇਤਰਾਂ ਦਾ ਦੌਰਾ ਕੀਤਾ
ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਨਾ ਨੇ ਦੱਸਿਆ ਕਿ ਪਿੰਡ ਜਲਬੇੜ੍ਹਾ ਤੋਂ ਲੈ ਕੇ ਨੈਸੀ ਤੱਕ ਹੜ੍ਹਾਂ ਤੋਂ ਬਚਾਅ ਲਈ ਵਿਸ਼ੇਸ਼ ਪ੍ਰਾਜੈਕਟ ਤਿਆਰ ਕੀਤਾ ਜਾਵੇਗਾ। ਇਸ ਸਬੰਧੀ ਕਿਸਾਨਾਂ ਤੋਂ ਸਹਿਮਤੀ ਪੱਤਰ ਦੀ ਲੋੜ ਹੋਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਹਰ ਸਾਲ ਬਰਸਾਤੀ ਪਾਣੀ ਨਾਲ ਹੋਣ ਵਾਲੇ ਨੁਕਸਾਨ ਨੂੰ ਲੈ ਕੇ ਸਰਕਾਰ ਗੰਭੀਰ ਹੈ ਅਤੇ ਇਸ ਸਮੱਸਿਆ ਦਾ ਸਥਾਈ ਹੱਲ ਕੱਢੇਗੀ। ਡੀ ਸੀ ਵਿਸ਼ਰਾਮ ਕੁਮਾਰ ਮੀਨਾ ਨੇ ਅੱਜ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਸਿੰਜਾਈ ਵਿਭਾਗ ਵੱਲੋਂ ਤਿਆਰ ਕੀਤੇ ਏਜੰਡੇ ਬਾਰੇ ਵੀ ਚਰਚਾ ਕੀਤੀ। ਡੀ ਸੀ ਵਿਸ਼ਰਾਮ ਕੁਮਾਰ ਮੀਨਾ ਨੇ ਸਿੰਜਾਈ ਵਿਭਾਗ ਦੇ ਨਾਲ ਜਲਬੇੜ੍ਹਾ ਅਤੇ ਪਿੰਡ ਨੈਸੀ ਅਤੇ ਮਾਰਕੰਡਾ ਦੇ ਆਲੇ-ਦੁਆਲੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਸਿੰਜਾਈ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਮੁਨੀਸ਼ ਬੱਬਰ ਨੇ ਵਿਭਾਗ ਵੱਲੋਂ ਪੇਸ਼ ਕੀਤੀਆਂ ਤਜਵੀਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੱਗੇ ਸਾਰੇ ਏਜੰਡਿਆਂ ਦੀ ਵਿਸਥਾਰਤ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਇਨ੍ਹਾਂ ਸਕੀਮਾਂ ਦੇ ਆਧਾਰ ’ਤੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਬਚਾਇਆ ਜਾ ਸਕਦਾ ਹੈ। ਡੀ ਸੀ ਨੇ ਕਿਹਾ ਕਿ ਸਿੰਜਾਈ ਵਿਭਾਗ ਵੱਲੋਂ ਤਿਆਰ ਕੀਤੇ ਗਏ ਮਾਰਕੰਡਾ ਦੇ ਆਲੇ-ਦੁਆਲੇ ਦੇ ਪ੍ਰਭਾਵਿਤ ਖੇਤਰਾਂ ਦੇ ਨਾਲ-ਨਾਲ ਪਿੰਡ ਜਲਬੇੜ੍ਹਾ ਅਤੇ ਨੈਸੀ ਲਈ ਯੋਜਨਾਵਾਂ ਨੂੰ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਵਿੱਚ ਹੋਣ ਵਾਲੀ ਹੜ੍ਹ ਕੰਟਰੋਲ ਮੀਟਿੰਗ ਵਿੱਚ ਰੱਖਿਆ ਜਾਵੇਗਾ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਸਕੀਮਾਂ ਨੂੰ ਲਾਗੂ ਕਰਨ ਬਾਰੇ ਅੰਤਿਮ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੀਆਂ ਸਕੀਮਾਂ ’ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਕੁਝ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼ੰਭੂ ਰਾਠੀ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਮੁਨੀਸ਼ ਬੱਬਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

