ਹਰਿਆਣਾ ਸਰਕਾਰ ਵੱਲੋਂ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਉਪਰਾਲਾ
ਪੀ ਪੀ ਵਰਮਾ
ਹਰਿਆਣਾ ਸਰਕਾਰ ਨੇ ਵਾਤਾਵਰਨ ਸੁਰੱਖਿਆ ਵੱਲ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਪ੍ਰਦੂਸ਼ਣ ਅਤੇ ਕਾਰਬਨ ਨਿਕਾਸ ਘਟਾਉਣ ਲਈ ਕਦਮ ਚੁੱਕਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਵਾਤਾਵਰਨ ਯੋਜਨਾ-2025 ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲਾਗੂ ਹੋਣ ਨਾਲ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ ਤੇ ਪ੍ਰਦੂਸ਼ਣ ਦਾ ਪੱਧਰ ਘਟੇਗਾ। ਇਸ ਨਾਲ ਲੋਕਾਂ ਨੂੰ ਸਾਫ਼, ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਨ ਮਿਲੇਗਾ। ਇਸ ਸਬੰਧੀ ਮੰਗਲਵਾਰ ਨੂੰ ਪੰਚਕੂਲਾ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੌਰਾਨ ਕੈਬਨਿਟ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਸਨ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਵਰਗੀ ਵੱਡੀ ਚੁਣੌਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਨੇ ਵਿਸ਼ਵ ਬੈਂਕ ਦੇ ਸਹਿਯੋਗ ਨਾਲ 3600 ਕਰੋੜ ਰੁਪਏ ਦੀ ਲਾਗਤ ਵਾਲਾ ‘ਸਥਾਈ ਵਿਕਾਸ ਲਈ ਸਾਫ਼ ਹਵਾ ਪ੍ਰਾਜੈਕਟ’ ਸ਼ੁਰੂ ਕੀਤਾ ਹੈ। ਇਸ ਤਹਿਤ ਗੁਰੂਗ੍ਰਾਮ, ਫਰੀਦਾਬਾਦ ਅਤੇ ਸੋਨੀਪਤ ਲਈ 500 ਇਲੈਕਟ੍ਰਿਕ ਬੱਸਾਂ ਖ਼ਰੀਦੀਆਂ ਜਾਣਗੀਆਂ। ਇਸ ਤੋਂ ਇਲਾਵਾ ਇਲੈਕਟ੍ਰਿਕ ਆਟੋ ਰਿਕਸ਼ਿਆਂ ਲਈ ਸਬਸਿਡੀ ਦਿੱਤੀ ਜਾਵੇਗੀ। ਡੀਜ਼ਲ ਜੈਨਰੇਟਰਾਂ ਦੀ ਥਾਂ ਗੈਸ ਨਾਲ ਚੱਲਣ ਵਾਲੇ ਜੈਨਰੇਟਰਾਂ, ਗੈਸ ਬੁਆਇਲਰਾਂ ਲਈ ਵੀ ਸਬਸਿਡੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਤੋਂ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸੀ ਐੱਨ ਜੀ ਅਤੇ ਪੀ ਐੱਨ ਜੀ ਵਰਗੇ ਸਾਫ਼ ਬਾਲਣਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਹਵਾ ਗੁਣਵੱਤਾ ਦੀ ਵੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਸੂਬੇ ਵਿੱਚ 29 ਆਟੋਮੈਟਿਕ ਅਤੇ 46 ਮੈਨੂਅਲ ਹਵਾ ਗੁਣਵੱਤਾ ਨਿਗਰਾਨੀ ਸਟੇਸ਼ਨ ਕੰਮ ਕਰ ਰਹੇ ਹਨ। ਇਸ ਮੌਕੇ ਵਾਤਾਵਰਨ ਤੇ ਜੰਗਲਾਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਹਰਿਆਣਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਿਨੀਤ ਗਰਗ, ਡੀਸੀ ਸਤਪਾਲ ਸ਼ਰਮਾ ਆਦਿ ਹਾਜ਼ਰ ਸਨ।