ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ, 6 ਜੂਨ
ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵੱਖ-ਵੱਖ ਯੋਗਤਾਵਾਂ ਵਾਲੇ ਖਿਡਾਰੀਆਂ ਨੂੰ ਨਵਾਂ ਤੋਹਫਾ ਦੇਣ ਜਾ ਰਹੀ ਹੈ। ਪੈਰਾਲੰਪਿਕ ਖਿਡਾਰੀਆਂ ਨੂੰ ਆਮ ਖਿਡਾਰੀਆਂ ਦੀ ਤਰਜ਼ ’ਤੇ ਬਰਾਬਰ ਨੌਕਰੀਆਂ ਦੇਣ ਲਈ ਬਲਿਊ ਪ੍ਰਿੰਟ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਨੂੰ ਇਸ ਪ੍ਰਸਤਾਵ ਨੂੰ ਪਾਸ ਕਰਨ ਦੀ ਪੁਰਜ਼ੋਰ ਵਕਾਲਤ ਕੀਤੀ ਗਈ ਸੀ। ਹੁਣ ਮੁੱਖ ਮੰਤਰੀ ਮਨੋਹਰ ਲਾਲ ਨੇ ਪੈਰਾਲੰਪਿਕ ਖਿਡਾਰੀਆਂ ਨੂੰ ਨਵਾਂ ਤੋਹਫਾ ਦਿੰਦੇ ਹੋਏ ਨੌਕਰੀ ਦੀ ਪੇਸ਼ਕਸ਼ ’ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਗੱਲਬਾਤ ਕਰਦਿਆਂ ਖੇਡ ਮੰਤਰੀ ਸੰਦੀਪ ਸਿੰਘ ਨੇ ਦੱਸਿਆ ਕਿ ਹੁਣ ਪੈਰਾਲੰਪਿਕ ਖਿਡਾਰੀ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੈਡਲ ਜਿੱਤਣ ’ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਮਨੋਹਰ ਲਾਲ ਤੋਂ ਖੇਡ ਨੀਤੀ ਵਿਚ ਸੋਧ ਦੀ ਮੰਗ ਕੀਤੀ ਗਈ ਸੀ। ਜਿਸ ‘ਤੇ ਮੁੱਖ ਮੰਤਰੀ ਨੇ ਪੈਰਾ ਖਿਡਾਰੀਆਂ ਨੂੰ ਬਰਾਬਰ ਨੌਕਰੀਆਂ ਦੇਣ ਦੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਇਸ ਵਿਚ ਸੋਧ ਦਾ ਕੰਮ ਚੱਲ ਰਿਹਾ ਹੈ, ਜਲਦੀ ਹੀ ਪੈਰਾ ਖਿਡਾਰੀਆਂ ਨੂੰ ਨਵਾਂ ਤੋਹਫਾ ਦਿੱਤਾ ਜਾਵੇਗਾ।