ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ, 2 ਸਤੰਬਰ
ਹਰਿਆਣਾ ਗੁਰਦੁਆਰਾ ਚੋਣ ਕਮਿਸ਼ਨਰ ਨੇ ਸੂਬੇ ਦੇ ਸਾਰੇ ਪੇਂਡੂ ਖੇਤਰਾਂ ਵਿੱਚ ਪਟਵਾਰੀਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਮਿਉਂਸਿਪਲ ਕਮੇਟੀ/ਕੌਂਸਲ/ਕਾਰਪੋਰੇਸ਼ਨ ਦੇ ਸਕੱਤਰਾਂ ਕੋਲ ਮੁਫ਼ਤ ਰਜਿਸਟ੍ਰੇਸ਼ਨ ਲਈ ਫਾਰਮ ਭੇਜ ਕੇ ਐੱਚਐੱਸਜੀਐੱਮਸੀ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਚਐੱਸ ਭੱਲਾ ਮੁਤਾਬਕ ਹੁਣ ਸੂਬੇ ਦੇ ਸਾਰੇ ਸਿੱਖ 30 ਸਤੰਬਰ ਤੱਕ ਵੋਟ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 30 ਸਤੰਬਰ ਤੋਂ ਬਾਅਦ ਸੋਧੀ ਹੋਈ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ ਅਤੇ ਸੂਚੀ ਜਾਰੀ ਹੋਣ ਤੋਂ ਬਾਅਦ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੂਰੇ ਸੂਬੇ ਵਿੱਚ ਨਵੀਆਂ ਵੋਟਾਂ ਬਣਾਉਣ ਦਾ ਸਮਾਂ ਪਹਿਲੀ ਸਤੰਬਰ ਤੋਂ 30 ਸਤੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ। ਹਰਿਆਣਾ ਵਿੱਚ ਸਭ ਤੋਂ ਵੱਧ ਸਿੱਖ ਸਿਰਸਾ ਵਿੱਚ ਹਨ।
ਵੈੱਬਸਾਈਟ ’ਤੇ ਮਿਲੇਗੀ ਸਾਰੀ ਜਾਣਕਾਰੀ: ਚੋਣ ਕਮਿਸ਼ਨਰ
ਹਰਿਆਣਾ ਦੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਚਐੱਸ ਭੱਲਾ ਨੇ ਦੱਸਿਆ ਕਿ ਗੁਰਦੁਆਰਾ ਚੋਣਾਂ ਤੋਂ ਪਹਿਲਾਂ ਇੱਕ ਵੈੱਬਸਾਈਟ https://gurdwaraelectionshry.in/ ਵੀ ਜਾਰੀ ਕੀਤੀ ਗਈ ਹੈ, ਜਿੱਥੇ ਪਾਠਕ ਗੁਰਦੁਆਰਾ ਚੋਣਾਂ ਸਬੰਧੀ ਚੱਲ ਰਹੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵੈੱਬਸਾਈਟ ’ਤੇ ਸੂਬੇ ਦੇ ਸਮੂਹ ਚੋਣ ਅਧਿਕਾਰੀਆਂ ਦਾ ਵੇਰਵਾ ਅਪਲੋਡ ਕਰ ਦਿੱਤਾ ਗਿਆ ਹੈ ਅਤੇ ਇਸ ਵੈੱਬਸਾਈਟ ਤੋਂ ਹਰ ਤਰ੍ਹਾਂ ਦੇ ਫਾਰਮ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।