ਚੰਡੀਗੜ੍ਹ, (ਆਤਿਸ਼ ਗੁਪਤਾ): ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਤਹਿਤ ਹਰਿਆਣਾ ’ਚ ਜੀਂਦ ਤੋਂ ਬਾਅਦ ਹਿਸਾਰ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ 15 ਅਗਸਤ ਨੂੰ ਆਜ਼ਾਦੀ ਦਿਹਾੜੇ ’ਤੇ ਸ਼ਹਿਰ ਵਿੱਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਲੋਕਾਂ ਵੱਲੋਂ ਹਰਿਆਣਾ ’ਚ ਭਾਜਪਾ ਅਤੇ ਜੇਜੇਪੀ ਆਗੂਆਂ ਦਾ ਵਿਰੋਧ ਤੇਜ਼ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਵਾਗਤ ਕੀਤਾ ਜਾਵੇਗਾ ਪਰ ਭਾਜਪਾ ਅਤੇ ਜੇਜੇਪੀ ਦੇ ਕਿਸੇ ਆਗੂ ਨੂੰ ਤਿਰੰਗਾ ਨਹੀਂ ਲਹਿਰਾਉਣ ਦਿੱਤਾ ਜਾਵੇਗਾ। ਕਿਸਾਨ ਨੇਤਾ ਸਤਬੀਰ ਪੂਨੀਆ ਅਤੇ ਰੀਮਨ ਨੈਨ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ’ਤੇ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਵਿੱਚ ਸਾਰੇ ਟਰੈਕਟਰ ਤਿਰੰਗੇ ਅਤੇ ਕਿਸਾਨੀ ਦੀ ਝੰਡੇ ਲਾ ਸਜਾਏ ਜਾਣਗੇ ਅਤੇ ਟਰੈਕਟਰ ਮਾਰਚ ਸ਼ਹਿਰ ਦੇ ਵੱਖ-ਵੱਖ ਹਿਸਿਆਂ ਵਿੱਚੋਂ ਹੁੰਦਾ ਹੋਇਆ ਮਿੰਨੀ ਸਕਤਰੇਤ ਅੱਗੇ ਜਾ ਕੇ ਖਤਮ ਹੋੋਵੇਗਾ। ਉਨ੍ਹਾਂ ਕਿਹਾ ਕਿ ਮਾਰਚ ’ਚ ਨੌਜਵਾਨਾਂ ਤੇ ਬਜ਼ੁਰਗਾਂ ਤੋਂ ਇਲਾਵਾ ਔਰਤਾਂ ਵੀ ਸ਼ਾਮਲ ਹੋਣਗੀਆਂ।