ਕੇਂਦਰੀ ਯੋਜਨਾਵਾਂ ਨੂੰ ਲਾਗੂ ਕਰਨ ’ਚ ਹਰਿਆਣਾ ਮੋਹਰੀ: ਸੈਣੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਹਰਿਆਣਾ ਨੇ ਹਮੇਸ਼ਾ ਹੀ ਰਾਜ ਵਿੱਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ, ਇਸੇ ਲਈ ਕੇਂਦਰੀ ਲੀਡਰਸ਼ਿਪ ਦੂਜੇ ਸੂਬਿਆਂ ਲਈ ਹਰਿਆਣਾ ਨੂੰ ਇਕ ਉਦਾਹਰਨ ਵਜੋਂ ਪੇਸ਼ ਕਰਦੀ ਹੈ। ਇਸ ਲੜੀ ਵਿੱਚ ਹਰਿਆਣਾ ਹੁਣ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਨ੍ਹਾਂ ਤਿੰਨਾਂ ਨਵੇਂ ਕਾਨੂੰਨਾਂ ਦੇ ਸਕਾਰਾਤਮਕ ਨਤੀਜਿਆਂ ਨੂੰ ਦਰਸਾਉਂਦੀ ਇਕ ਪ੍ਰਦਰਸ਼ਨੀ 3 ਅਕਤੂਬਰ ਨੂੰ ਕੁਰੂਕਸ਼ੇਤਰ ਵਿਕਾਸ ਬੋਰਡ ਦੇ ਮੇਲਾ ਖੇਤਰ ਵਿੱਚ ਲਗਾਈ ਜਾ ਰਹੀ ਹੈ, ਜਿਸ ਦਾ ਉਦਘਾਟਨ 3 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ। ਮੁੱਖ ਮੰਤਰੀ ਕੁਰੂਕਸ਼ੇਤਰ ਵਿਕਾਸ ਬੋਰਡ ਦੇ ਮੇਲਾ ਮੈਦਾਨ ਵਿੱਚ 3 ਅਕਤੂਬਰ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮਾਂ ਰਹਿੰਦੇ ਸਾਰੀਆਂ ਤਿਅਰੀਆਂ ਪੂਰੀਆਂ ਕਰਨ। ਸੈਣੀ ਨੇ ਕਿਹਾ ਕਿ ਨਵੇਂ ਕਾਨੂੰਨਾਂ ਵੱਲੋਂ ਲਿਆਂਦੀਆਂ ਗਈਆਂ ਤਬਦੀਲੀਆਂ ਅਤੇ ਪ੍ਰਾਪਤੀਆਂ ਨੂੰ ਇਕ ਪ੍ਰਦਰਸ਼ਨੀ ਰਾਹੀਂ ਪੇਸ਼ ਕੀਤਾ ਜਾਵੇੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨੀ ਵਿੱਚ ਅਸਲ ਜੀਵਨ ਦੀਆਂ ਉਦਾਹਰਨਾਂ ਵੀ ਪੇਸ਼ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿੱਥੇ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਘਿਨਾਉਣੇ ਅਪਰਾਧਾਂ ਦਾ ਤੇਜ਼ੀ ਨਾਲ ਹੱਲ ਕੀਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਇਨ੍ਹਾਂ ਸੁਧਾਰਾਂ ਦੇ ਸਕਾਰਾਤਮਕ ਪ੍ਰਭਾਵ ਨੂੰ ਦੇਖਣ ਵਿੱਚ ਮਦਦ ਮਿਲੇਗੀ।
ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਭਾਰਤੀ ਅਪਰਾਧ ਦੀ ਧਾਰਾ 2023, ਭਾਰਤੀ ਬਚਿੱਆਂ ਦੀ ਸੁਰੱਖਿਆ ਧਾਰਾ 2023 ਅਤੇ ਭਾਰਤੀ ਸਬੂਤ ਐਕਟ 2023 ਰਾਹੀਂ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਕੀਤੇ ਗਏ ਸੁਧਾਰਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਨਾਗਰਿਕਾਂ ਨੂੰ ਸਿੱਖਿਅਤ ਕਰਨਾ ਹੈ।