ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਸਤੰਬਰ
ਹਰਿਆਣਾ ਦੇ ਸਿਆਸੀ ਮਾਹੌਲ ਨੂੰ ਹੋਰ ਗਰਮ ਕਰਨ ਲਈ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 7 ਅਤੇ 8 ਸਤੰਬਰ ਨੂੰ ਦੋ ਦਿਨਾ ਦੌਰੇ ’ਤੇ ਇੱਥੇ ਪਹੁੰਚ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਹਿਸਾਰ ਵਿੱਚ ‘ਮੇਕ ਇੰਡੀਆ ਨੰਬਰ ਵਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਜਾਣਕਾਰੀ ‘ਆਪ’ ਦੇ ਸੂਬਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ. ਸੁਸ਼ੀਲ ਗੁਪਤਾ ਨੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਤਿਰੰਗੇ ਝੰਡੇ ਹੇਠ ਦੇਸ਼ ਨੂੰ ਨੰਬਰ ਵਨ ਬਣਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਦਿੱਲੀ ਸਰਕਾਰ ਕੋਲ ਅਜਿਹਾ ਮਾਡਲ ਹੈ, ਜਿੱਥੇ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਦਾ ਨਾਂ ਵੀ ਨਹੀਂ ਹੈ। ਦੂਜੇ ਪਾਸੇ ਹਰਿਆਣਾ ਹੈ, ਜੋ ਕਿ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਦੇ ਮਾਮਲੇ ’ਚ ਦੇਸ਼ ਵਿੱਚ ਸਭ ਤੋਂ ਅੱਗੇ ਹਨ। ਇਨ੍ਹਾਂ ਸਾਰੀ ਸਮੱਸਿਆਵਾਂ ਦਾ ਹੱਲ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹਰਿਆਣਾ ਵਿੱਚ ਪਹੁੰਚ ਰਹੇ ਹਨ। ਇਸ ਮੌਕੇ ਔਰਤਾਂ ਨੂੰ ਬਰਾਬਰੀ ਦਾ ਅਧਿਕਾਰ ਦੇਣ ਅਤੇ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਸ੍ਰੀ ਗੁਪਤਾ ਨੇ ਕਿਹਾ ਕਿ 8 ਸਤੰਬਰ ਨੂੰ ਆਦਮਪੁਰ ਵਿੱਚ ਸਮਾਗਮ ਰੱਖਿਆ ਗਿਆ ਹੈ, ਜਿੱਥੇ ਪਰਿਵਾਰਵਾਦ ਅਤੇ ਦੋਸਤੀਵਾਦ ਦੇ ਖ਼ਾਤਮੇ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਆਦਮਪੁਰ ’ਚ ਤਿਰੰਗ ਯਾਤਰਾ ਕੱਢੀ ਜਾਵੇਗੀ।