ਹਰਿਆਣਾ: ਠੇਕੇ ’ਤੇ ਕੰਮ ਕਰਨ ਵਾਲਿਆਂ ਦੀ ਨੌਕਰੀ ਕੀਤੀ ਸੁਰੱਖਿਅਤ
ਹਰਿਆਣਾ ਸਰਕਾਰ ਨੇ ਸੂਬੇ ਵਿੱਚ ਠੇਕੇ ’ਤੇ 5 ਸਾਲ ਲਗਾਤਾਰ ਕੰਮ ਕਰਨ ਵਾਲੇ ਕਾਮਿਆਂ ਦੀ ਨੌਕਰੀ ਨੂੰ ਸੁਰੱਖਿਅਤ ਕਰਨ ਲਈ ਸੇਵਾ ਸੁਰੱਖਿਆ ਨਿਯਮ-2025 ਨੂੰ ਨੋਟੀਫਾਈ ਕਰ ਦਿੱਤਾ ਹੈ। ਇਸ ਨਾਲ ਸੂਬੇ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਨਿਯਮਾਂ ਅਤੇ ਅਥਾਰਟੀਆਂ ਵਿੱਚ ਠੇਕੇ ’ਤੇ ਕੰਮ ਕਰਦੇ ਹਜ਼ਾਰਾਂ ਕਰਮਚਾਰੀਆਂ ਦੀਆਂ ਨੌਕਰੀਆਂ ਸੁਰੱਖਿਅਤ ਹੋ ਗਈਆਂ ਹਨ। ਇਸ ਬਾਰੇ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਕਿਹਾ ਕਿ ਸੇਵਾ ਸੁਰੱਖਿਆ ਨਿਯਮ-2025 ਅਨੁਸਾਰ 15 ਅਗਸਤ 2024 ਤੱਕ 5 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਾਮਿਆਂ ਨੂੰ ਨੌਕਰੀ ਤੋਂ ਕੱਢਿਆ ਨਹੀਂ ਜਾਵੇਗਾ। ਇਸ ਦੌਰਾਨ ਸਬੰਧਤ ਮੁਲਾਜ਼ਮਾਂ ਵੱਲੋਂ ਸਾਲ ਵਿੱਚ 240 ਦਿਨਾਂ ਦੇ ਕੰਮ ਦੀ ਤਨਖਾਹ ਪ੍ਰਾਪਤ ਕੀਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਭਾਗ ਵਿੱਚ ਸੇਵਾ ਸੁਰੱਖਿਆ ਨਿਯਮ ਤਹਿਤ ਮੁਲਾਜ਼ਮਾਂ ਦੀ ਗਿਣਤੀ ਵੱਧ ਹੈ ਤਾਂ ਉਨ੍ਹਾਂ ਨੂੰ ਹੋਰਨਾਂ ਵਿਭਾਗਾਂ ਵਿੱਚ ਤਾਇਨਾਤ ਕਰ ਦਿੱਤਾ ਜਾਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਪਹਿਲਾਂ ਵਾਂਗ ਆਮ ਛੁੱਟੀ ਅਤੇ ਮੈਡੀਕਲ ਛੁੱਟੀ ਮਿਲੇਗੀ। ਮਹਿਲਾ ਸੁਰੱਖਿਅਤ ਕਰਮਚਾਰੀਆਂ ਨੂੰ ਹਰ ਮਹੀਨੇ ਦੋ ਅਤੇ ਸਾਲ ਵਿੱਚ ਵੱਧ ਤੋਂ ਵੱਧ 22 ਦਿਨਾਂ ਦੀ ਆਮ ਛੁੱਟੀਆਂ ਮਿਲਣਗੀਆਂ ਜਦੋਂਕਿ ਪਹਿਲਾਂ ਉਨ੍ਹਾਂ ਨੂੰ ਸਿਰਫ਼ 10 ਆਮ ਛੁੱਟੀਆਂ ਮਿਲਦੀਆਂ ਸਨ।