ਪੱਤਰ ਪ੍ਰੇਰਕ
ਯਮੁਨਾਨਗਰ, 17 ਜੁਲਾਈ
ਰਾਦੌਰ ਵਿਧਾਨ ਸਭਾ ਸੀਟ ਤੋਂ ਚੋਣ ਲੜ ਚੁੱਕੇ ਹਰਿਆਣਾ ਕਲਿਆਣ ਮੰਚ ਦੇ ਪ੍ਰਧਾਨ ਰਿਸ਼ੀ ਪਾਲ ਅਪਣੇ ਸੈਂਕੜੇ ਸਾਥੀਆਂ ਨਾਲ ਇੰਡੀਅਨ ਨੈਸ਼ਨਲ ਲੋਕ ਦਲ ਪਾਰਟੀ ਵਿੱਚ ਸ਼ਾਮਲ ਹੋ ਗਏ । ਇਸ ਦੌਰਾਨ ਇਨੈਲੋ ਦੇ ਜ਼ਿਲ੍ਹਾ ਦਫ਼ਤਰ ਵਿੱਚ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਘਟ ਗਿਣਤੀ ਸੈੱਲ ਦੇ ਸੂਬਾ ਪ੍ਰਧਾਨ ਜ਼ਾਹਿਦ ਖਾਨ ਨੇ ਸਾਰਿਆਂ ਇਨੈਲੋ ਪਾਰਟੀ ਵਿੱਚ ਸ਼ਾਮਲ ਹੋਣ ਤੇ ਨਿੱਘਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਸਾਰੇ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਸਨਮਾਨ ਦਿੱਤਾ ਜਾਵੇਗਾ । ਸਾਬਕਾ ਵਿਧਾਇਕ ਦਿਲਬਾਗ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਤੋਂ ਸਾਰੇ ਵਰਗਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਅਤੇ ਇਨੈਲੋ ਦਾ ਗ੍ਰਾਫ ਦਿਨੋ ਦਿਨ ਵੱਧ ਰਿਹਾ ਹੈ । ਉਨ੍ਹਾਂ ਕਿਹਾ ਕਿ ਅਗਲੀ ਸਰਕਾਰ ਓਮ ਪ੍ਰਕਾਸ਼ ਚੌਟਾਲਾ ਦੀ ਅਗਵਾਈ ਵਿੱਚ ਬਣੇਗੀ।