ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਪਰੈਲ
ਹਰਿਆਣਾ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਘਟਣ ਨਾਲ ਸੂਬੇ ’ਚ ਜਨਤਕ ਥਾਵਾਂ ’ਤੇ ਮਾਸਕ ਲਾਜ਼ਮੀ ਤੌਰ ’ਤੇ ਪਹਿਨਣ ਦੀ ਪਾਬੰਦੀ ਹਟਾ ਦਿੱਤੀ ਗਈ ਹੈ। ਹੁਣ ਮਾਸਕ ਦੀ ਵਰਤੋਂ ਨਾ ਕਰਨ ’ਤੇ ਜੁਰਮਾਨਾ ਨਹੀਂ ਲਗਾਇਆ ਜਾਵੇਗਾ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਮਾਸਕ ਦੀ ਲਾਜ਼ਮੀ ਵਰਤੋਂ ਸਬੰਧੀ ਹੁਕਮ ਵਾਪਸ ਲੈ ਲਏ ਹਨ। ਇਸ ਬਾਰੇ ਸਿਹਤ ਵਿਭਾਗ ਨੂੰ ਵੀ ਆਦੇਸ਼ ਜਾਰੀ ਕਰ ਦਿੱਤੇ ਹਨ। ਸ੍ਰੀ ਵਿੱਜ ਨੇ ਕਿਹਾ ਕਿ ਸੂਬੇ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਨਾ ਦੇ ਬਰਾਬਰ ਹੈ ਪਰ ਬਿਲਕੁਲ ਖਤਮ ਨਹੀਂ ਹੋਈ ਹੈ। ਉਨ੍ਹਾਂ ਲੋਕਾਂ ਨੂੰ ਆਪਣੀ ਦੇਖਭਾਲ ਖੁਦ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਪਣੀ ਮਰਜ਼ੀ ਅਨੁਸਾਰ ਮਾਸਕ ਦੀ ਵਰਤੋਂ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਕੋਈ ਰੋਕ ਨਹੀਂ ਹੈ।