Haryana Monsoon Session: ਹਰਿਆਣਾ ਵਿਧਾਨ ਸਭਾ ਵਿੱਚ ਹੰਗਾਮਾ: ਸਪੀਕਰ ਨੇ ਕਈ ਕਾਂਗਰਸੀ ਵਿਧਾਇਕਾਂ ਨੂੰ ਕੀਤਾ ਮੁਅੱਤਲ
ਬਾਅਦ ਦੁਪਹਿਰ 1.25 ਮਿੰਟ ਉੱਤੇ ਵਿਧਾਨ ਸਭਾ ਵਿੱਚੋਂ ਵਾਕ ਆਊਟ ਕਰਦਿਆਂ ਸਾਰੇ ਵਿਧਾਇਕ ਬਾਹਰ ਚਲੇ ਗਏ
ਹਰਿਆਣਾ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਮੌਕੇ ਕਾਂਗਰਸੀ ਵਿਧਾਇਕ ਕਾਲੇ ਕੱਪੜੇ ਪਾ ਕੇ ਵਿਧਾਨ ਸਭਾ ਪਹੁੰਚੇ ਅਤੇ ਬਾਹਰ ਪ੍ਰਦਰਸ਼ਨ ਕੀਤਾ। ਸੈਸ਼ਨ ਦੀ ਸ਼ੁਰੂਆਤ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਸ਼ੁਰੂ ਹੋਣ ਤੋਂ ਪਹਿਲਾਂ, ਕਾਂਗਰਸੀ ਵਿਧਾਇਕ ਰਘਵੀਰ ਕਾਦੀਆਂ ਅਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਸੁਰੱਖਿਆ ਕਰਮੀਆਂ ਉੱਤੇ ਕਾਂਗਰਸੀ ਵਿਧਾਇਕਾਂ ਨੂੰ ਧੱਕੇ ਮਾਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚ ਦਾਖ਼ਲ ਹੋ ਰਹੇ ਸਨ, ਤਾਂ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ। ਉਨ੍ਹਾਂ ਕਿਹਾ ਕਿ ਇਹ ਵਿਧਾਇਕਾਂ ਦਾ ਅਪਮਾਨ ਹੈ ਅਤੇ ਅਜਿਹਾ ਕਰਨ ਵਾਲੇ ਸੁਰੱਖਿਆ ਕਰਮੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।
ਹਰਿਆਣਾ ਕਾਂਗਰਸ ਦੇ ਵਿਧਾਇਕਾਂ ਨੇ ਵਿਰੋਧੀ ਧੀਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਚੰਦਾ ਚੋਰੀ ਅਤੇ ਦਿੱਲੀ ਜੰਤਰ-ਮੰਤਰ 'ਤੇ ਯੁਵਾ ਵਰਗ ਨਾਲ ਹੋਏ ਕਥਿਤ ਅੱਤਿਆਚਾਰ ਦੇ ਖ਼ਿਲਾਫ਼ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਕੀਤੇ ਪ੍ਰਦਰਸ਼ਨ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਰਿਹਾ ਅਤੇ ਪੁਲੀਸ ਨਾਲ ਵਿਧਾਇਕਾਂ ਦੀ ਖਿੱਚ ਧੂਹ ਹੋਈ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਅਤੇ ਪਾਰਟੀ ਆਗੂ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਿਧਾਨ ਸਭਾ ਵੱਲ ਵੱਧ ਰਹੇ ਸਨ। ਇਸ ਦੌਰਾਨ ਸੁਰੱਖਿਆ ਲਈ ਤਾਇਨਾਤ ਪੁਲੀਸ ਬਲ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੇਸ਼ ਅਤੇ ਸੂਬੇ ਵਿੱਚ ਨੌਜਵਾਨਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਪਹਿਲਾਂ ਹੀ ਆਪਣਾ ਏਜੰਡਾ ਤੈਅ ਕਰਕੇ ਆਏ ਹਨ ਅਤੇ ਉਹ ਵਿਧਾਨ ਸਭਾ ਦੀ ਕਾਰਵਾਈ ਨੂੰ ਪ੍ਰਭਾਵਿਤ ਕਰਨ ਲਈ ਅਜਿਹੇ ਬੇਬੁਨਿਆਦ ਦੋਸ਼ ਲਗਾ ਕੇ ਸਮਾਂ ਬਰਬਾਦ ਕਰ ਰਹੇ ਹਨ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਨ ਨੇ ਕਿਹਾ ਕਿ ਵਿਧਾਨ ਸਭਾ ਦੇ ਸੁਰੱਖਿਆ ਕਰਮੀਆਂ ਵੱਲੋਂ ਸਿਰਫ਼ ਆਪਣੀ ਡਿਊਟੀ ਨਿਭਾਈ ਗਈ ਹੈ।
ਇਸ ਦੌਰਾਨ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਕਾਂਗਰਸੀ ਵਿਧਾਇਕਾਂ ਇੰਦੂਰਾਜ ਨਾਰਵਾਲ, ਸ਼ਕੁੰਤਲਾ ਖਟਕ, ਵਿਕਾਸ ਸਾਰੰਗ, ਬਲਵਾਨ ਡਾਂਗੀ ਅਤੇ ਦੇਵੇਂਦਰ ਹੰਸ ਸਮੇਤ ਕਈ ਹੋਰ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਵਿੱਚ ਰੁਕਾਵਟ ਪੈਦਾ ਕਰਨ ਉੱਤੇ 'ਮੁਅੱਤਲ' ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਪੀਕਰ ਨੇ ਇਨ੍ਹਾਂ ਕਾਂਗਰਸੀ ਵਿਧਾਇਕਾਂ ਨੂੰ 27 ਅਗਸਤ ਦੀ ਬਾਕੀ ਕਾਰਵਾਈ ਲਈ ਮੁਅੱਤਲ (ਸਸਪੈਂਡ) ਕਰਦਿਆਂ ਉਨ੍ਹਾਂ ਨੂੰ ਵਿਧਾਨ ਸਭਾ ਹਾਲ ਵਿੱਚੋਂ ਬਾਹਰ ਜਾਣ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਸਦਨ ਦੇ ਵੈੱਲ ਵਿੱਚ ਆ ਕੇ ਲਗਾਤਾਰ ਨਾਅਰੇਬਾਜ਼ੀ ਕੀਤੀ ਜਾਂਦੀ ਰਹੀ, ਜਿਸ ਤੋਂ ਬਾਅਦ ਵਿਧਾਨ ਸਭਾ ਦੇ ਮਾਰਸ਼ਲਾਂ ਨੇ ਇਨ੍ਹਾਂ ਮੁਅੱਤਲ ਕੀਤੇ ਗਏ ਵਿਧਾਇਕਾਂ ਨੂੰ ਬਾਹਰ ਕੱਢ ਦਿੱਤਾ।ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਦੁਪਹਿਰ 1.25 ਮਿੰਟ ਉੱਤੇ ਵਿਧਾਨਸਭਾ ਵਿੱਚੋਂ ਵਾਕ ਆਊਟ ਕਰਦਿਆਂ ਸਾਰੇ ਵਿਧਾਇਕ ਬਾਹਰ ਚਲੇ ਗਏ।

