ਪੱਤਰ ਪ੍ਰੇਰਕ
ਜੀਂਦ, 29 ਸਤੰਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਆਗੂ ਕਰਨੈਲ ਸਿੰਘ ਨਿਮਨਾਬਾਦ ਨੇ ਕਿਹਾ ਕਿ ਕਮੇਟੀ 9 ਅਕਤੂਬਰ ਤੋਂ ਗੁਰਦੁਆਰਿਆਂ ਦੀ ਕਮਾਨ ਸੰਭਾਲ ਲਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਿੱਖਾਂ ਦੀ ਭਾਵਨਾਵਾਂ ਦੀ ਕਦਰ ਕਰਦਿਆਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਵਿੱਚ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਨੂੰ ਮਾਨਤਾ ਦਿੱਤੀ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਇਸ ਖ਼ਿਲਾਫ਼ ਸੁਪਰੀਮ ਕੋਰਟ ਚਲੇ ਗਏ ਸੀ। ਹੁਣ ਸੁਪਰੀਮ ਕੋਰਟ ਨੇ ਹਰਿਆਣਾ ਨੂੰ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ਵਿੱਚ ਫ਼ੈਸਲਾ ਦੇ ਦਿੱਤਾ ਹੈ। ਇਸ ਫ਼ੈਸਲੇ ਸਬੰਧੀ ਹਰਿਆਣਾ ਦੇ ਸਿੱਖ ਪ੍ਰਤੀਨਿਧੀਆਂ ਨੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਮਨੋਹਰ ਲਾਲ ਨੇ ਸਿੱਖਾਂ ਨੂੰ ਭਰੋਸਾ ਦਿੱਤਾ ਕਿ ਹਰਿਆਣਾ ਵਿੱਚ ਹੁਣ ਤੱਕ ਜਿੰਨੇ ਵੀ ਐੱਸਜੀਪੀਸੀ ਅਧੀਨ ਗੁਰਦੁਆਰੇ ਹਨ, ਉਨ੍ਹਾਂ ਦੀ ਸੇਵਾਵਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਗੁਰਦੁਆਰਿਆਂ ਦਾ ਕੰਟਰੋਲ 9 ਅਕਤੂਬਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੇ ਹੁਕਮ ਜਾਰੀ ਕਰਨ ਲਈ ਕਿਹਾ ਹੈ। ਜੀਂਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨੈਲ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਰੇ ਗੁਰਦੁਆਰਿਆਂ ਦਾ ਅਧਿਕਤਰ ਪੈਸਾ ਪੰਜਾਬ ਵਿੱਚ ਜਾਂਦਾ ਸੀ, ਹਰਿਆਣਾ ਨੂੰ ਘੱਟ ਹੀ ਮਿਲਦਾ ਸੀ, ਹੁਣ ਨਵੇਂ ਪ੍ਰਬੰਧ ਵਿੱਚ ਇਹ ਸਾਰਾ ਪੈਸਾ ਹਰਿਆਣਾ ਵਿੱਚ ਸਿੱਖਿਆ ਅਤੇ ਸਿਹਤ ਉੱਤੇ ਖਰਚ ਕੀਤਾ ਜਾਵੇਗਾ। ਇਸ ਮੌਕੇ ਨਿਰਵੈਲ ਸਿੰਘ ਅੰਟਾ, ਹਰਵੈਲ ਸਿੰਘ, ਲਖਵਿੰਦਰ ਸਿੰਘ, ਸੰਦੀਪ ਸਿੰਘ ਅਤੇ ਜਗਤਾਰ ਸਿੰਘ ਹਾਜ਼ਰ ਸਨ।