ਹਿਸਾਰ, 27 ਜੂਨ
ਇੱਥੋਂ ਦੇ ਇਕ ਪਿੰਡ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਕੀਤੀ ਗਈ। ਪੁਲੀਸ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਭਟਲਾ ਸਥਿਤ ਡਾ. ਅੰਬੇਡਕਰ ਪਾਰਕ ਵਿੱਚ ਬੁੱਤ ਦੀ ਭੰਨ-ਤੋੜ ਕੀਤੀ ਗਈ। ਹੰਸਲੀ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਕੁਝ ਵਿਅਕਤੀਆਂ ਵੱਲੋਂ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ‘ਤੇ ਧਾਰਾ 295 ਅਧੀਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਪੁਲੀਸ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦਾ ਪਤਾ ਲਾਉਣ ਲਈ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਦੂਜੇ ਪਾਸੇ ਸ਼ਿਕਾਇਤ ਦਰਜ ਕਰਵਾਉਣ ਵਾਲੇ ਵਿਅਕਤੀਆਂ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਪ੍ਰਸ਼ਾਸਨ ਨੂੰ ਪਾਰਕ ਵਿੱਚ ਨਵਾਂ ਬੁੱਤ ਸਥਾਪਿਤ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਪਾਰਕ ਵਿੱਚ ਸੀਸੀਟੀਵੀ ਕੈਮਰੇ ਲਾਉਣ ਦੀ ਵੀ ਮੰਗ ਕੀਤੀ। -ਪੀਟੀਆਈ