ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਗਸਤ
ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਦੂਜੇ ਦਿਨ ਵਿਰੋਧੀ ਧਿਰ ਕਾਂਗਰਸ ਨੇ ਸੂਬੇ ਵਿੱਚ ਚੱਲ ਰਹੀ ਨਾਜਾਇਜ਼ ਖਣਨ ਦੇ ਮੁੱਦੇ ’ਤੇ ਸੂਬਾ ਸਰਕਾਰ ਨੂੰ ਘੇਰਿਆ। ਖਣਨ ਦੇ ਮੁੱਦੇ ’ਤੇ ਵਿਧਾਨ ਸਭਾ ਵਿੱਚ ਕਾਫ਼ੀ ਸਮਾਂ ਹੰਗਾਮਾ ਹੁੰਦਾ ਰਿਹਾ।
ਵਿਰੋਧੀ ਧਿਰ ਨੇ ਖਣਨ ਦੇ ਕਾਰੋਬਾਰੀਆਂ ਖ਼ਿਲਾਫ਼ ਕਾਰਵਾਈ ਲਈ ਸਰਕਾਰ ’ਤੇ ਢਿੱਲੀ ਕਾਰਗੁਜ਼ਾਰੀ ਦੇ ਦੋਸ਼ ਲਗਾਏ। ਕਾਂਗਰਸ ਨੇ ਖਣਨ ਕਾਰੋਬਾਰ ਸੂਬੇ ਦੇ ਅਫ਼ਸਰਾਂ ਅਤੇ ਸੱਤਾਧਾਰੀ ਧਿਰ ਦੀ ਪੁਸ਼ਤਪਨਾਹੀ ਹੇਠ ਚੱਲਣ ਦੇ ਦੋਸ਼ ਵੀ ਲਾਏ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ ਨੇ ਆਪਣੀ ਸਰਕਾਰ ਦਾ ਬਚਾਅ ਕਰਦਿਆਂ ਕਾਂਗਰਸ ਦੀ 10 ਸਾਲਾਂ ਦੀ ਕਾਰਗੁਜ਼ਾਰੀ ਨੂੰ ਸਭ ਦੇ ਸਾਹਮਣੇ ਰੱਖਿਆ।ਵਿਧਾਨ ਸਭਾ ਵਿੱਚ ਇਨੈਲੋ ਦੇ ਵਿਧਾਇਕ ਅਭੈ ਚੌਟਾਲਾ, ਕਾਂਗਰਸੀ ਵਿਧਾਇਕ ਭਾਰਤ ਭੂਸ਼ਣ ਬੱਤਰਾ, ਚੌਧਰੀ ਅਫ਼ਤਾਬ ਅਹਿਮਦ ਨੇ ਪਿਛਲੇ ਮਹੀਨੇ ਨੂਹ ਵਿੱਚ ਖਣਨ ਮਾਫ਼ੀਆ ਵੱਲੋਂ ਡੀਐੱਸਪੀ ਸੁਰਿੰਦਰ ਸਿੰਘ ਬਿਸ਼ਨੋਈ ਦੀ ਹੱਤਿਆ ਸਬੰਧੀ ਸੂਬਾ ਸਰਕਾਰ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸਾਲ 2019 ਤੋਂ 22 ਤੱਕ ਸੂਬੇ ਵਿੱਚ ਨਾਜਾਇਜ਼ ਖਣਨ ਵਾਲਿਆਂ ਵੱਲੋਂ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ 22 ਵਾਰ ਹਮਲਾ ਕੀਤਾ ਜਾ ਚੁੱਕਾ ਹੈ।
ਇਨ੍ਹਾਂ ਵਿੱਚ 20 ਜਣਿਆਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨਾਜਾਇਜ਼ ਖਣਨ ’ਤੇ ਸਖ਼ਤੀ ਕੀਤੀ ਜਾ ਰਹੀ ਹੈ। ਹਰਿਆਣਾ ਸਰਕਾਰ ਨੇ ਸਾਲ 2015 ਤੋਂ ਹੁਣ ਤੱਕ ਖਣਨ ਤੋਂ 4660 ਕਰੋੜ ਰੁਪਏ ਕਮਾਏ ਹਨ। ਮੌਜੂਦਾ ਸਰਕਾਰ ਨੇ 7 ਸਾਲਾਂ ਵਿੱਚ ਨਾਜਾਇਜ਼ ਖਣਨ ਕਰਨ ਵਾਲਿਆਂ ਖ਼ਿਲਾਫ਼ 2406 ਕੇਸ ਦਰਜ ਕਰ ਕੇ 154 ਕਰੋੜ ਰੁਪਏ ਜੁਰਮਾਨੇ ਵਜੋਂ ਵਸੂਲੇ ਹਨ। ਮੁੱਖ ਮੰਤਰੀ ਨੇ ਡੀਐੱਸਪੀ ਬਿਸ਼ਨੋਈ ਦੀ ਹੱਤਿਆ ਦੇ ਮਾਮਲੇ ਸਬੰਧੀ ਸਪਸ਼ਟ ਕੀਤਾ ਕਿ ਹੁਣ ਤੱਕ 12 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ, ਜਲਦ ਹੀ ਨਾਜਾਇਜ਼ ਖਣਨ ਕਾਰੋਬਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਪੰਜਾਬ ’ਵਰਸਿਟੀ ਵਿੱਚ ਬਣਦਾ ਹਿੱਸਾ ਲਵਾਂਗੇ: ਖੱਟਰ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੂਜੇ ਦਿਨ ਦੇ ਇਜਲਾਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਾ ਦਾ ਬਣਦਾ ਹਿੱਸਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਕਾਰਨਾਂ ਕਰਕੇ 1997 ਵਿੱਚ ਹਰਿਆਣਾ ਦੀ ਹਿੱਸੇਦਾਰੀ ਖਤਮ ਕਰ ਦਿੱਤੀ ਗਈ ਸੀ, ਜਦੋਂ ਕਿ ਹੁਣ ਆਪਣਾ ਬਣਦਾ ਹਿੱਸਾ ਲੈ ਕੇ ਰਹਾਂਗੇ।
ਕਾਮਨਵੈਲਥ ’ਚ ਸੋਨ ਤਗਮਾ ਜੇਤੂਆਂ ਨੂੰ ਡੇਢ ਕਰੋੜ ਇਨਾਮ ਦਾ ਐਲਾਨ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਬਰਮਿੰਘਮ ਕਾਮਨਵੈਲਥ ਖੇਡਾਂ ਵਿੱਚ ਹਰਿਆਣਾ ਦੇ ਖਿਡਾਰੀਆਂ ਨੇ ਦੇਸ਼ ਦੇ ਕੁੱਲ 61 ਵਿੱਚੋਂ 17 ਤਗਮੇ ਜਿੱਤੇ ਹਨ। ਇਨ੍ਹਾਂ ਵਿੱਚ 9 ਸੋਨੇ, 2 ਚਾਂਦੀ ਅਤੇ 6 ਕਾਂਸੀ ਦੇ ਤਗਮੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੋਨ ਤਗਮਾ ਜੇਤੂਆਂ ਨੂੰ ਡੇਢ ਕਰੋੜ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲਿਆਂ ਨੂੰ 75 ਲੱਖ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲਿਆਂ ਨੂੰ 50 ਲੱਖ ਰੁਪਏ ਦਿੱਤੇ ਜਾਣਗੇ। ਚੌਥੇ ਸਥਾਨ ’ਤੇ ਰਹਿਣ ਵਾਲਿਆਂ ਨੂੰ 15 ਲੱਖ ਰੁਪਏ ਅਤੇ ਕਾਮਨਵੇਲਥ ਖੇਡਾਂ ਵਿੱਚ ਹਿੱਸਾ ਲੈਣ ਵਾਲਿਆਂ ਨੂੰ 7-7 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ।