ਸਿਹਤ ਮੰਤਰੀ ਵੱਲੋਂ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਦੀ ਚੈਕਿੰਗ
ਫ਼ਤਹਿਗੜ੍ਹ ਸਾਹਿਬ, 12 ਜੂਨ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬ੍ਰਾਹਮਣਮਾਜਰਾ ਸਥਿਤ ਸਰਕਾਰੀ ਨਸ਼ਾ ਛੁਡਾਉ ਤੇ ਮੁੜ ਵਸੇਬਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਜ਼ੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਕੇਂਦਰ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਫੀਡ ਬੈਕ ਹਾਸਲ ਕੀਤੀ। ਉਨਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਹਾਲ ਹੀ ਵਿੱਚ, ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਮਜ਼ਬੂਤ ਪ੍ਰਣਾਲੀ ਸਥਾਪਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ ਹਨ ਅਤੇ ਇਨ੍ਹਾਂ ਫੈਸਲਿਆਂ ਵਿੱਚ ਛੇ ਮਹੀਨਿਆਂ ਲਈ ਅਸਥਾਈ ਆਧਾਰ ’ਤੇ 200 ਮਨੋਵਿਗਿਆਨੀਆਂ ਦੀ ਤੁਰੰਤ ਭਰਤੀ ਸ਼ਾਮਲ ਹੈ ਅਤੇ ਸਿਹਤ ਵਿਭਾਗ ਨੂੰ ਇਸ ਦੌਰਾਨ ਸਥਾਈ ਭਰਤੀ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।
ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਉਜਵਲ ਭਵਿੱਖ ਲਈ ਪੂਰੀ ਸੰਜੀਦਗੀ ਨਾਲ ਫੈਸਲੇ ਕਰ ਰਹੀ ਹੈ ਜਿਸ ਤਹਿਤ ਕਿੱਤਾ ਮੁਖੀ ਕੋਰਸ ਕਰਵਾ ਕੇ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇੱਥੋਂ ਸਿਹਤਯਾਬ ਹੋਣ ਮਗਰੋਂ ਸਵੈ ਰੁਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਸਬੰਧੀ ਬਕਾਇਦਾ ਵੱਖ ਵੱਖ ਉਦਯੋਗਾਂ ਨਾਲ ਵੀ ਸਰਕਾਰ ਵੱਲੋਂ ਰਾਬਤਾ ਕੀਤਾ ਗਿਆ ਹੈ ਜਿੱਥੇ ਕਿ ਇਨ੍ਹਾਂ ਸਿਹਤਯਾਬ ਅਤੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇਗਾ। ਇਸ ਮੌਕੇ ਐਸਐਸਪੀ ਸ਼ੁਭਮ ਅਗਰਵਾਲ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਮੌਜੂਦ ਸਨ।