ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟ੍ਰਾਈਸਿਟੀ ’ਚ ਗਰਮੀ ਦਾ ਕਹਿਰ ਜਾਰੀ

ਚੰਡੀਗੜ੍ਹ ਵਿੱਚ ਬਿਜਲੀ ਦੀ ਮੰਗ ਨੇ ਸਾਰੇ ਰਿਕਾਰਡ ਤੋੜੇ; 465 ਮੈਗਾਵਾਟ ’ਤੇ ਪਹੁੰਚੀ ਮੰਗ; ਸ਼ਹਿਰ ਦਾ ਤਾਪਮਾਨ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ
ਚੰਡੀਗੜ੍ਹ ਦੇ ਸੈਕਟਰ-34 ’ਚ ਗਰਮੀ ਤੋਂ ਬਚਣ ਲਈ ਕੱਪੜੇ ਨਾਲ ਚਿਹਰੇ ਢੱਕ ਕੇ ਸੜਕ ਪਾਰ ਕਰਦੀਆਂ ਹੋਈਆਂ ਮੁਟਿਆਰਾਂ। -ਫੋਟੋ: ਪ੍ਰਦੀਪ ਤਿਵਾੜੀ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 12 ਜੂਨ

Advertisement

ਚੰਡੀਗੜ੍ਹ ਟ੍ਰਾਈਸਿਟੀ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ, ਜਿਸ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ। ਗਰਮੀ ਵਧਣ ਦੇ ਨਾਲ ਹੀ ਕਈ-ਕਈ ਘੰਟੇ ਦੇ ਬਿਜਲੀ ਦੇ ਕੱਟ ਵੀ ਲੱਗ ਰਹੇ ਹਨ। ਬਿਜਲੀ ਕੱਟਾਂ ਨੇ ਲੋਕਾਂ ਦੀ ਪ੍ਰੇਸ਼ਾਨੀ ਹੋਰ ਵਧਾ ਦਿੱਤੀ ਹੈ। ਗਰਮੀ ਵਧਣ ਕਰਕੇ ਚੰਡੀਗੜ੍ਹ ਵਿੱਚ ਬਿਜਲੀ ਦੀ ਮੰਗ ਲਗਾਤਾਰ ਵਧ ਰਹੀ ਹੈ। ਅੱਜ ਸ਼ਹਿਰ ਵਿੱਚ ਬਿਜਲੀ ਦੀ ਮੰਗ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜੋ ਕਿ 465 ਮੈਗਾਵਾਟ ’ਤੇ ਪਹੁੰਚ ਗਈ ਹੈ। ਇਹ ਅੱਜ ਤੱਕ ਦੀ ਸਭ ਤੋਂ ਵੱਧ ਮੰਗ ਦਰਜ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਸਾਲ ਬਿਜਲੀ ਦੀ ਮੰਗ 447, ਸਾਲ 2023 ਵਿੱਚ 412, ਸਾਲ 2022 ਵਿੱਚ 411, ਸਾਲ 2021 ਵਿੱਚ 426 ਤੇ 2020 ਵਿੱਚ 374 ਮੈਗਾਵਾਟ ਦਰਜ ਕੀਤੀ ਗਈ ਸੀ। ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਾਰਾ ਦਿਨ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਦੁਪਹਿਰ ਸਮੇਂ ਲੋੜ ਅਨੁਸਾਰ ਬਿਜਲੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਦੂਜੇ ਪਾਸੇ ਸ਼ਹਿਰ ਵਿੱਚ ਤਾਪਮਾਨ ਵੀ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 41.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੁਹਾਲੀ ਵਿੱਚ 40.5 ਡਿਗਰੀ ਸੈਲਸੀਅਸ ਅਤੇ ਪੰਚਕੂਲਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਗਰਮੀ ਵਧਣ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਵੀ ਸੰਨਾਟਾ ਪਸਰਨਾ ਸ਼ੁਰੂ ਹੋ ਗਿਆ ਹੈ। ਅੱਜ ਚੰਡੀਗੜ੍ਹ ਦੀ ਸੁਖਨਾ ਝੀਲ, ਰੌਕ ਗਾਰਡਨ ਤੇ ਰੋਜ਼ ਗਾਰਡਨ ’ਤੇ ਦਿਨ ਸਮੇਂ ਸੰਨਾਟਾ ਪਸਰਿਆਂ ਰਿਹਾ ਹੈ, ਜਦੋਂ ਕਿ ਸਵੇਰ ਤੇ ਸ਼ਾਮ ਸਮੇਂ ਲੋਕ ਸੈਰ ਕਰਦੇ ਦਿਖਾਈ ਦਿੱਤੇ। ਮੌਸਮ ਵਿਗਿਆਨੀਆਂ ਨੇ 13 ਤੇ 14 ਜੂਨ ਨੂੰ ਅਤਿ ਦੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਗਰਮੀ ਕਾਰਨ ਜਨ-ਜੀਵਨ ਪ੍ਰਭਾਵਿਤ

ਪੰਚਕੂਲਾ ਦੇ ਸੈਕਟਰ-25 ਨੇੜੇ ਗਰਮੀ ਤੋਂ ਬਚਣ ਲਈ ਟੋਭੇ ’ਚ ਨਹਾਉਂਦੇ ਹੋਏ ਬਾਂਦਰ। -ਫੋਟੋ: ਰਵੀ ਕੁਮਾਰ

ਪੰਚਕੂਲਾ (ਪੀਪੀ ਵਰਮਾ): ਜੂਨ ਦੇ ਮਹੀਨੇ ਵਿੱਚ ਵੀ ਗਰਮੀ ਹਰ ਰੋਜ਼ ਨਵੇਂ ਰਿਕਾਰਡ ਬਣਾ ਰਹੀ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 32 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਹਿਰ ਵਿੱਚ ਰਾਤ ਨੂੰ ਵੀ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ। ਹਾਲਾਂਕਿ, ਤਾਪਮਾਨ ਇੰਨਾ ਜ਼ਿਆਦਾ ਸੀ ਕਿ ਇਹ 46 ਡਿਗਰੀ ਵਰਗਾ ਮਹਿਸੂਸ ਹੋ ਰਿਹਾ ਸੀ। ਇਸ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਬਹੁਤ ਜ਼ਿਆਦਾ ਦਰਜ ਕੀਤੇ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਰਾਤ ਵੇਲੇ ਵੀ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਰੈੱਡ ਅਲਰਟ ਦਾ ਐਲਾਨ ਕੀਤਾ ਹੈ।

Advertisement
Show comments