ਏਲਨਾਬਾਦ ਵਿੱਚ ਭਾਰੀ ਮੀਂਹ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ
ਏਲਨਾਬਾਦ ਇਲਾਕੇ ਵਿੱਚ ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਸ਼ਹਿਰ ਦੇ ਹੇਠਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦਾ ਮੁੱਖ ਬਾਜ਼ਾਰ, ਮੁਮੇਰਾ ਚੌਕ, ਟਿੱਬੀ ਬੱਸ ਸਟੈਂਡ, ਮੁਮੇਰਾ ਰੋਡ, ਸਿਰਸਾ ਰੋਡ ਅਤੇ ਹਨੂੰਮਾਨਗੜ੍ਹ ਰੋਡ ਸਥਿਤ ਅੰਡਰ ਬ੍ਰਿਜ ਵੀ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਏ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਹਨ ਚਾਲਕਾਂ ਨੂੰ ਆਸਪਾਸ ਤੋਂ ਲੰਘਣਾ ਪਿਆ। ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਪਾਣੀ ਇਕੱਠਾ ਹੋਣ ਕਾਰਨ ਕਈ ਦੁਕਾਨਾਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਕਈ ਦੁਕਾਨਦਾਰਾਂ ਦਾ ਵਿੱਤੀ ਨੁਕਸਾਨ ਹੋਇਆ ਹੈ।
ਪਿਛਲੇ ਤਿੰਨ ਦਿਨਾਂ ਤੋਂ ਇਲਾਕੇ ਵਿੱਚ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਲੰਘੀ ਰਾਤ ਭਾਰੀ ਮੀਂਹ ਪੈਣ ਕਾਰਨ ਕਪਾਹ ਅਤੇ ਨਰਮੇ ਦੀ ਫਸਲ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਬਣ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਨਰਮੇ ਅਤੇ ਕਪਾਹ ਦੇ ਖੇਤਾਂ ਵਿੱਚ ਪਾਣੀ ਭਰਨ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਵਿੱਤੀ ਨੁਕਸਾਨ ਝੱਲਣਾ ਪਵੇਗਾ। ਇਸ ਦੇ ਨਾਲ ਹੀ ਸ਼ਹਿਰ ਦੇ ਲੋਕਾਂ ਦਾ ਕਹਿਣਾ ਹੈ ਕਿ ਨਗਰ ਪਾਲਿਕਾ ਅਤੇ ਜਨ ਸਿਹਤ ਵਿਭਾਗ ਨੇ ਲਗਪਗ 4 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ ਪਰ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆਂ ਪਹਿਲਾਂ ਵਾਂਗ ਬਣੀ ਹੋਈ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ।