ਆਤਿਸ਼ ਗੁਪਤਾ
ਚੰਡੀਗੜ੍ਹ, 20 ਮਈ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਿਸਾਰ ਵਿੱਚ ਕੋਵਿਡ ਹਸਪਤਾਲ ਦੇ ਉਦਘਾਟਨ ਮਗਰੋਂ ਪੁਲੀਸ ਤੇ ਕਿਸਾਨਾਂ ਦਰਮਿਆਨ ਹੋਈ ਝੜਪ ਮਾਮਲੇ ਵਿੱਚ ਹਰਿਆਣਾ ਪੁਲੀਸ ਨੇ ਸਾਢੇ ਤਿੰਨ ਸੌ ਕਿਸਾਨਾਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਅਰਬਨ ਅਸਟੇਟ ਦੇ ਐੱਸਐੱਚਓ ਵਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਹਸਪਤਾਲ ਦੇ ਉਦਘਾਟਨ ਮਗਰੋਂ ਕਿਸਾਨਾਂ ਤੇ ਪੁਲੀਸ ਵਿਚਕਾਰ ਹੋਏ ਟਕਰਾਅ ਕਰਕੇ 5 ਮਹਿਲਾ ਪੁਲੀਸ ਮੁਲਾਜ਼ਮਾਂ ਸਣੇ 20 ਪੁਲੀਸ ਅਧਿਕਾਰੀਆਂ ਦੇ ਸੱਟਾਂ ਵਜੀਆਂ ਸਨ। ਇਹ ਸਾਰੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਸ਼ਿਕਾਇਤਕਰਤਾ ਐੱਸਐੱਚਓ ਨੇ ਕਿਹਾ ਕਿ ਪੁਲੀਸ ਤੇ ਕਿਸਾਨਾਂ ਵਿੱਚ ਟਕਰਾਅ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਉਥੋਂ ਜਾਣ ਤੋਂ ਬਾਅਦ ਹੋਇਆ।
ਡੀਐੱਸਪੀ ਅਭਿਮੰਨਿਊ ਅਤੇ ਹਰਪ੍ਰੀਤ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਕਿਸਾਨਾਂ ਨੇ ਪੁਲੀਸ ਦੀ ਗੱਲ ਨੂੰ ਅਣਸੁਣੀ ਕਰਦਿਆਂ ਸਾਰੇ ਨਾਕੇ ਤੋੜ ਦਿੱਤੇ। ਲਿਹਾਜ਼ਾ ਪੁਲੀਸ ਨੇ ਕਿਸਾਨਾਂ ਖ਼ਿਲਾਫ਼ ਬਲ ਦੀ ਵਰਤੋਂ ਵੀ ਕੀਤੀ। ਇਸ ਟਕਰਾਅ ਦੌਰਾਨ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਸਨ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਮਾਮਲੇ ਨੂੰ ਠੰਢਾ ਕਰਨ ਲਈ ਦੇਰ ਸ਼ਾਮ ਤੱਕ ਕਿਸਾਨਾਂ ਨਾਲ ਗੱਲਬਾਤ ਜ਼ਰੂਰ ਹੋਈ, ਪਰ ਕੇਸ ਦਰਜ ਨਾ ਕਰਨ ਬਾਰੇ ਕੋਈ ਭਰੋਸਾ ਨਹੀਂ ਦਿੱਤਾ ਗਿਆ ਸੀ।
ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ: ਹੁੱਡਾ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਸਾਨਾਂ ’ਤੇ ਦਰਜ ਕੀਤੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹਿਸਾਰ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੁਲੀਸ ਨੇ ਬਜ਼ੁਰਗਾਂ ਅਤੇ ਔਰਤਾਂ ’ਤੇ ਲਾਠੀਚਾਰਜ ਕੀਤਾ ਹੈ। ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ ਗਏ। ਉਨ੍ਹਾਂ ਕਿਹਾ ਕਿ ਜਦੋਂ ਘਟਨਾ ਵਾਲੀ ਸ਼ਾਮ ਨੂੰ ਕਿਸਾਨ ਆਗੂਆਂ ਤੇ ਪੁਲੀਸ ਵਿਚਕਾਰ ਸਮਝੌਤਾ ਹੋ ਗਿਆ ਸੀ ਤਾਂ ਫਿਰ ਹੁਣ ਕੇਸ ਦਰਜ ਕਰਨ ਦੀ ਤੁੱਕ ਨਹੀਂ ਬਣਦੀ।