ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ 25 ਨੂੰ ਹਰਿਆਣਾ ਵਿਚ ਛੁੱਟੀ ਦਾ ਐਲਾਨ
ਕੁਰੂਕਸ਼ੇਤਰ ’ਚ ਰੱਖੇ ਰਾਜ ਪੱਧਰੀ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਣਗੇ ਸ਼ਾਮਲ
ਹਰਿਆਣਾ ਸਰਕਾਰ ਨੇ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਪੁਰਬ ਮੌਕੇ 25 ਨਵੰਬਰ ਨੂੰ ਸੂਬੇ ਵਿੱਚ restricted ਛੁੱਟੀ ਐਲਾਨ ਦਿੱਤੀ ਹੈ। ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਕੁਰੂਕਸ਼ੇਤਰ ਵਿੱਚ ਵਿਸ਼ਾਲ ਰਾਜ ਪੱਧਰੀ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ।
ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਇਸ ਸਮਾਗਮ ਵਿੱਚ ਹਰਿਆਣਾ ਅਤੇ ਗੁਆਂਢੀ ਰਾਜਾਂ ਤੋਂ ਲੱਖਾਂ ਸ਼ਰਧਾਲੂਆਂ ਅਤੇ ਸਿੱਖ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ, ਆਵਾਜਾਈ, ਪਾਰਕਿੰਗ ਅਤੇ ਭੀੜ ਪ੍ਰਬੰਧਨ ਲਈ ਵਿਸਤਰਿਤ ਪ੍ਰਬੰਧ ਕੀਤੇ ਜਾਣਗੇ। ਜੋਤੀਸਰ ਵਿਖੇ ਸਿੱਖ ਸੰਗਤ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਭਾਜਪਾ ਆਗੂਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੀਣਾ ਨੇ ਕਿਹਾ ਕਿ ਇਸ ਸਮਾਗਮ ਦੀ ਕਲਪਨਾ ਇੱਕ ਇਤਿਹਾਸਕ ਅਤੇ ਯਾਦਗਾਰੀ ਮੌਕੇ ਵਜੋਂ ਕੀਤੀ ਗਈ ਹੈ ਜਿੱਥੇ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦਾ ਬ੍ਰਹਮ ਸੰਦੇਸ਼ ਦੁਨੀਆ ਭਰ ਦੇ ਲੋਕਾਂ ਤੱਕ ਪਹੁੰਚੇਗਾ।

