ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 31 ਅਕਤੂਬਰ
ਨਰਾਇਣਗੜ੍ਹ ਦੀ ਗੁੱਜਰ ਭਲਾਈ ਪਰਿਸ਼ਦ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮੌਕੇ ਗੁੱਜਰ ਸਮਾਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕਾਲਕਾ ਦੇ ਵਿਧਾਇਕ ਪ੍ਰਦੀਪ ਚੌਧਰੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿੱਚ ਹਲਕਾ ਵਿਧਾਇਕ ਸ਼ੈਲੀ ਚੌਧਰੀ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਰਾਮ ਕਿਸ਼ਨ ਗੁੱਜਰ ਵੀ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਲ ਹੋਏ। ਸਮਾਗਮ ਦਾ ਆਰੰਭ ਦੀਪ ਜਗਾ ਕੇ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਪ੍ਰਦੀਪ ਚੌਧਰੀ ਨੇ ਪਟੇਲ ਦੀ ਜੈਅੰਤੀ ਦੀ ਲੱਖ-ਲੱਖ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਜੀਵਨ ’ਤੇ ਚਾਨਣਾ ਪਾਇਆ ਤੇ ਉਨ੍ਹਾਂ ਵੱਲੋਂ ਦਿਖਾਏ ਗਏ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਵੱਲਭ ਭਾਈ ਪਟੇਲ ਨੇ ਦੇਸ਼ ਨੂੰ ਏਕਤਾ ਦੀ ਲੜੀ ਵਿੱਚ ਪਰੋ ਕੇ ਇੱਕ ਰਾਸ਼ਟਰ ਬਣਾਉਣ ਦਾ ਕੰਮ ਕੀਤਾ ਹੈ ਅਤੇ ਸਾਨੂੰ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ’ਤੇ ਸਾਬਕਾ ਮੁੱਖ ਸੰਸਦੀ ਸਕੱਤਰ ਰਾਮ ਕਿਸ਼ਨ ਗੁੱਜਰ ਤੇ ਹਲਕਾ ਵਿਧਾਇਕ ਸ਼ੈਲੀ ਚੌਧਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਗੁੱਜਰ ਸਮਾਜ ਦੇ ਹੋਣਹਾਰ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਪ੍ਰਦੀਪ ਚੌਧਰੀ, ਰਾਮ ਕਿਸ਼ਨ ਗੁੱਜਰ ਤੇ ਸ਼ੈਲੀ ਚੌਧਰੀ ਨੂੰ ਸਭਾ ਦੇ ਆਗੂਆਂ ਵੱਲੋਂ ਸ਼ਾਲ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।