ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਦਿਆਲ ਸਿੰਘ ਪਬਲਿਕ ਸਕੂਲ, ਜਗਾਧਰੀ ਵਿੱਚ ਅੱਜ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡੀਪੀਆਰਓ ਡਾ. ਮਨੋਜ ਕੁਮਾਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਐੱਸਐਚਓ ਬੁਡੀਆ, ਨਰ ਸਿੰਘ ਤੇ ਆਲ ਇੰਡੀਆ ਸਮਾਜ ਸੇਵਾ ਕੇਂਦਰ ਜਗਾਧਰੀ ਦੇ ਪ੍ਰਧਾਨ ਡਾ. ਮਨਮੋਹਨ ਸਿੰਘ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਵਿਦਿਆਰਥੀ ਪਰਿਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਗਈ ਅਤੇ ਸਲਾਨਾ ਪ੍ਰੀਖਿਆਵਾਂ ਵਿੱਚ ਚੰਗੇ ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ। ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਦੇ ਹੁਨਰ ਨੂੰ ਪਛਾਣਨਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਸੀ ਤਾਂ ਜੋ ਉਹ ਭਵਿੱਖ ਵਿੱਚ ਵੀ ਉੱਤਮਤਾ ਵੱਲ ਵਧ ਸਕਣ। ਉਨ੍ਹਾਂ ਕਿਹਾ ਕਿ ਪ੍ਰਤਿਭਾ ਨੂੰ ਸਤਿਕਾਰ ਦੇਣਾ ਪ੍ਰੇਰਨਾ ਦਾ ਸਭ ਤੋਂ ਵੱਡਾ ਸਰੋਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਕਿਤਾਬਾਂ ਪੜ੍ਹਨ ਦੀ ਆਦਤ ਵਧਾਉਣੀ ਚਾਹੀਦੀ ਹੈ, ਇੰਟਰਨੈੱਟ ਅਤੇ ਮੋਬਾਈਲ ਦੀ ਵਰਤੋਂ ਆਪਣੀ ਲੋੜ ਅਨੁਸਾਰ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਬੱਚੇ ਲੰਬੇ ਸਮੇਂ ਤੱਕ ਮੋਬਾਈਲ ਦੀ ਵਰਤੋਂ ਕਰਦੇ ਹਨ ਤਾਂ ਇਸ ਦਾ ਉਨ੍ਹਾਂ ਦੀਆਂ ਅੱਖਾਂ ’ਤੇ ਬੁਰਾ ਪ੍ਰਭਾਵ ਪੈਂਦਾ ਹੈ। ਐੱਸਐੱਚਓ ਨਰ ਸਿੰਘ ਅਤੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਬੱਚੇ ਸਾਡੇ ਸਮਾਜ ਦੀ ਮੁੱਖ ਇਕਾਈ ਹਨ ਅਤੇ ਸਾਨੂੰ ਅੱਜ ਦੇ ਮਾਹੌਲ ਵਿੱਚ ਹਰ ਪਾਸੇ ਫੈਲੀ ਬੁਰਾਈ ਤੋਂ ਬਚਣ ਲਈ ਸਕੂਲ ਨਾਲ ਮਿਲ ਕੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਿੰਸੀਪਲ ਪਾਰੁਲ ਕੁਮਾਰ ਨੇ ਵਿਦਿਆਰਥੀ ਪਰਿਸ਼ਦ ਵਿੱਚ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।