ਪ੍ਰਭੂ ਦਿਆਲ
ਸਿਰਸਾ, 25 ਫਰਵਰੀ
ਇੰਡੀਅਨ ਨੈਸ਼ਨਲ ਲੋਕ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਆਖਿਆ ਕਿ ਉਨ੍ਹਾਂ ਹਰਿਆਣਾ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਕੇ ਕਿਸਾਨਾਂ ’ਤੇ ਕੋਈ ਅਹਿਸਾਨ ਨਹੀਂ ਕੀਤਾ ਤੇ ਨਾ ਹੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਮਾਣ-ਸਨਮਾਨ ਦੀ ਕੋਈ ਲੋੜ ਹੈ। ਉਨ੍ਹਾਂ ਦੇ ਹਿੱਤ ਕਿਸਾਨਾਂ ਨਾਲ ਜੁੜੇ ਹੋਏ ਹਨ। ਉਹ ਅੱਜ ਇਥੇ ਡੱਬਵਾਲੀ ਰੋਡ ’ਤੇ ਸਥਿਤ ਆਪਣੇ ਨਿਵਾਸ ’ਤੇ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਆਗਾਮੀ ਤਿੰਨ ਮਾਰਚ ਨੂੰ ਏਲਨਾਬਾਦ ਦੀ ਅਨਾਜ ਮੰਡੀ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਸਬੰਧੀ ਪਾਰਟੀ ਕਾਰਕੁਨਾਂ ਦੀਆਂ ਡਿਊਟੀਆਂ ਵੀ ਲਾਈਆਂ। ਸਾਬਕਾ ਵਿਧਾਇਕ ਨੇ ਕਿਹਾ ਕਿ ਇਨੈਲੋ, ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਵੱਲੋਂ ਸਥਾਪਤ ਕੀਤਾ ਗਿਆ ਕਿਸਾਨ ਹਿਤੈਸ਼ੀ ਸੰਗਠਨ ਹੈ। ਇਸ ਲਈ ਇਸ ਨੂੰ ਮਜ਼ਬੂਤ ਕਰਕੇ ਕਿਸਾਨਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੋਝੇ ਹੱਥਕੰਡੇ ਅਪਣਾ ਰਹੀ ਹੈ ਪਰ ਸਰਕਾਰ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦਿੱਲੀ ਦੀਆਂ ਹੱਦਾਂ ’ਤੇ ਕਿਸਾਨਾਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ। ਆਮਦਨ ਟੈਕਸ ਵਿਭਾਗ ਵੱਲੋਂ ਵਿਧਾਇਕ ਬਲਰਾਜ ਕੁੰਡੂ ਦੇ ਘਰ ਮਾਰੇ ਗਏ ਛਾਪੇ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਸਰਕਾਰ ਆਪਣੇ ਖ਼ਿਲਾਫ਼ ਬੋਲਣ ਵਾਲੇ ਹਰ ਵਿਅਕਤੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਨਿੰਦਣਯੋਗ ਹੈ। ਇਸ ਮੌਕੇ ਸਾਬਕਾ ਮੰਤਰੀ ਭਾਗੀ ਰਾਮ, ਇਨੈਲੋ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨਾ ਫੋਗਾਟ, ਵਿਨੋਦ ਦੜਬੀ ਅਤੇ ਜਸਵਿੰਦਰ ਬਿੰਦੂ ਸਮੇਤ ਹੋਰ ਇਨੈਲੋ ਕਾਰਕੁਨ ਮੌਜੂਦ ਸਨ।