ਮੈਂ ਕਦੇ ਵੀ Sajjan Kumar ਨੂੰ ਰੋਲ ਮਾਡਲ ਨਹੀਂ ਕਿਹਾ: Deepender Hooda
Sajjan Kumar Controversy: ਕਾਂਗਰਸੀ ਸੰਸਦ ਮੈਂਬਰ ਨੇ ਸਿੱਖਾਂ ਨਾਲ ਸੁਖਾਵੇਂ ਸਬੰਧ ਹੋਣ ਦਾ ਹਵਾਲਾ ਦਿੰਦਿਆਂ ਸਪਸ਼ਟੀਕਰਨ ਦਿੱਤਾ
Sajjan Kumar Controversy: ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਅਤੇ ਉਨ੍ਹਾਂ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਣ ਤੋਂ ਬਾਅਦ ਵਿਰੋਧ ਦਾ ਸਾਹਮਣਾ ਕਰ ਰਹੇ ਰੋਹਤਕ ਤੋਂ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਅੱਜ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਨਾ ਤਾਂ ਕਦੇ ਰੋਲ ਮਾਡਲ ਸ਼ਬਦ ਵਰਤਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਮਨ ਵਿੱਚ ਅਜਿਹੀ ਕੋਈ ਭਾਵਨਾ ਸੀ। 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਕੱਟ ਰਹੇ ਵਿਵਾਦਤ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਵੀਰਵਾਰ ਨੂੰ 80 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਸੀ। ਹੁੱਡਾ ਨੇ ਉਨ੍ਹਾਂ ਦੀ ਮੌਤ ਉੱਤੇ ਦੁੱਖ ਪ੍ਰਗਟ ਕਰਦੇ ਹੋਏ ਇਸ ਨੂੰ ਦੇਸ਼ ਦੀ ਰਾਜਨੀਤੀ ਲਈ ਨੁਕਸਾਨ ਦੱਸਿਆ ਸੀ ਅਤੇ ਦਿੱਲੀ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਸੀ।
ਇਸ ਬਿਆਨ ਤੋਂ ਬਾਅਦ ਖਾਸ ਕਰਕੇ ਪੰਜਾਬ ਵਿੱਚ ਤਿੱਖੀਆਂ ਪ੍ਰਤੀਕਿਰਿਆਵਾਂ ਆਈਆਂ, ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਪ ਨੇ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਲੈ ਕੇ ਘੇਰਿਆ। ਜਦੋਂ ਪੱਤਰਕਾਰਾਂ ਨੇ ਹੁੱਡਾ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੇ ਸੱਜਣ ਕੁਮਾਰ ਨੂੰ ਰੋਲ ਮਾਡਲ ਕਿਹਾ ਹੈ ਤਾਂ ਰੋਹਤਕ ਦੇ ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਇਹ ਸ਼ਬਦ ਵਰਤੇ ਅਤੇ ਨਾ ਹੀ ਉਨ੍ਹਾਂ ਦੇ ਮਨ ਵਿੱਚ ਕੋਈ ਅਜਿਹੀ ਭਾਵਨਾ ਸੀ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਦੀਪੇਂਦਰ ਹੁੱਡਾ ਨੇ ਕਿਹਾ ਕਿ ਇਹ ਸ਼ਬਦ ਉਨ੍ਹਾਂ ਲੋਕਾਂ ਵੱਲੋਂ ਉਨ੍ਹਾਂ ਦੇ ਮੂੰਹ ਵਿੱਚ ਪਾਏ ਜਾ ਰਹੇ ਹਨ ਜਿਹੜੇ ਭਾਈਚਾਰੇ ਦੀ ਭਾਵਨਾ ਨੂੰ ਕਮਜ਼ੋਰ ਕਰਕੇ ਰਾਜਨੀਤੀ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਜੋ ਲੋਕ ਉਨ੍ਹਾਂ ਨੂੰ ਜਾਣਦੇ ਹਨ, ਉਨ੍ਹਾਂ ਨੂੰ ਭਲੀ ਭਾਂਤ ਪਤਾ ਹੈ ਕਿ ਉਹ ਕਦੇ ਕਿਸੇ ਨੂੰ ਦੁਖੀ ਕਰਨ ਦੀ ਮਨਸ਼ਾ ਨਹੀਂ ਰੱਖਦੇ।
ਇਹ ਵੀ ਪੜ੍ਹੋ: Sajjan Kumar ਨੇ ਸਿੱਖਾਂ ਨੂੰ ਮਰਵਾਉਣ ਦੀ ਸਾਜ਼ਿਸ਼ ਰਚੀ: Charanjit Singh Channi
ਮੇਰਾ ਸਿੱਖ ਭਾਈਚਾਰੇ ਨਾਲ ਪੁਰਾਣਾ ਰਿਸ਼ਤਾ: ਕਾਂਗਰਸੀ ਆਗੂ
ਸਿੱਖ ਭਾਈਚਾਰੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਉਹ ਹਮੇਸ਼ਾ ਸਿੱਖਾਂ ਦੇ ਨਾਲ ਖੜ੍ਹੇ ਹਨ ਅਤੇ ਹਰ ਤਰ੍ਹਾਂ ਨਾਲ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਉਨ੍ਹਾਂ ਦਾ ਸਦੀਆਂ ਪੁਰਾਣਾ ਭਾਈਚਾਰੇ ਦਾ ਰਿਸ਼ਤਾ ਹੈ, ਉਨ੍ਹਾਂ ਦਾ ਪਰਿਵਾਰ ਦੁੱਖ-ਸੁੱਖ ਵਿੱਚ ਸਿੱਖਾਂ ਨਾਲ ਜੁੜਿਆ ਰਿਹਾ ਹੈ ਅਤੇ ਹਰ ਸੰਘਰਸ਼ ਵਿੱਚ ਉਨ੍ਹਾਂ ਨਾਲ ਖੜ੍ਹਾ ਰਿਹਾ ਹੈ। ਜਦੋਂ ਵੀ ਸਿੱਖ ਭਾਈਚਾਰੇ ਦੇ ਅਧਿਕਾਰਾਂ ਦੀ ਗੱਲ ਆਈ, ਉਨ੍ਹਾਂ ਨੇ ਹਮੇਸ਼ਾ ਪੱਖ ਲਿਆ ਅਤੇ ਕਿਸਾਨ ਅੰਦੋਲਨ ਦੌਰਾਨ ਵੀ ਸਮਰਥਨ ਵਿੱਚ ਖੜ੍ਹੇ ਰਹੇ। ਉਨ੍ਹਾਂ ਇਹ ਵੀ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਉੱਤੇ ਉਨ੍ਹਾਂ ਦੇ ਪਰਿਵਾਰ ਦਾ ਰੁਖ਼ ਸ਼ੁਰੂ ਤੋਂ ਹੀ ਬਿਲਕੁਲ ਸਪਸ਼ਟ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰੀ ਬੇਇਨਸਾਫ਼ੀ ਹੋਈ ਸੀ, ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਸਿੱਖ ਭਾਈਚਾਰੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਉਹ ਪੂਰੀ ਤਰ੍ਹਾਂ ਸਿੱਖ ਭਾਈਚਾਰੇ ਨਾਲ ਖੜ੍ਹੇ ਹਨ।

