ਪੱਤਰ ਪ੍ਰੇਰਕ
ਜੀਂਦ, 11 ਦਸੰਬਰ
ਇੱਥੇ ਬਾਲ ਭਵਨ ਵੱਲੋਂ ਆਨਲਾਈਨ ਕਰਵਾਏ ਬਾਲ ਮਹਾਉਤਸਵ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖੋ ਵੱਖਰੇ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸੇ ਲੜੀ ਤਹਿਤ ਸੁਪਰੀਮ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਵੰਸ਼ਿਕਾ ਨੇ ਭਾਸ਼ਣ ਪ੍ਰਤੀਯੋਗਤਾ ਵਿੱਚ ਜ਼ਿਲ੍ਹਾ ਪੱਧਰ ਉੱਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ। ਇਸ ਤੋਂ ਪਹਿਲਾਂ ਵੀ ਇਸ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬੇ ਪੱਧਰ ਤੱਕ ਦੇ ਕਈ ਮੁਕਾਬਲਿਆਂ ਵਿੱਚ ਆਪਣਾ ਲੋਹਾ ਮੰਨਵਾ ਚੁੱਕੇ ਹਨ। ਸਕੂਲ ਦੇ ਪ੍ਰਿੰਸੀਪਲ ਸਤਿੰਦਰ ਤ੍ਰਿਪਾਠੀ ਨੇ ਕਿਹਾ ਕਿ ਇਸ ਸਕੂਲ ਦੇ ਹੋਣਹਾਰ ਵਿਦਿਆਰਥੀ ਅਨੇਕਾਂ ਸਾਲਾਂ ਤੋਂ ਕਲਾ, ਸੰਗੀਤ ਅਤੇ ਹੋਰ ਖੇਤਰਾਂ ਵਿੱਚ ਇਨਾਮ ਪ੍ਰਾਪਤ ਕਰਕੇ ਜੀਂਦ ਨਗਰ ਦਾ ਨਾਮ ਸੂਬਾਈ ਅਤੇ ਰਾਸ਼ਟਰੀ ਪੱਧਰ ਉੱਤੇ ਰੋਸ਼ਨ ਕਰਦੇ ਆਏ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਵੱਲੋਂ ਵੰਸ਼ਿਕਾ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਹੋਰਨਾਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।