ਹਰਿਆਣਾ ਤੇ ਚੰਡੀਗੜ੍ਹ ਵਿੱਚ ਸੁਤੰਤਰਤਾ ਦਿਵਸ ਮਨਾਇਆ
ਹਰਿਆਣਾ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਹੋਰ ਥਾਵਾਂ 'ਤੇ ਝੰਡਾ ਲਹਿਰਾਉਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਕੌਮੀ ਝੰਡਾ ਲਹਿਰਾਇਆ, ਜਦੋਂ ਕਿ ਹਰਿਆਣਾ ਦੇ ਰਾਜਪਾਲ ਆਸ਼ਿਮ ਕੁਮਾਰ ਘੋਸ਼ ਨੇ ਅੰਬਾਲਾ ਵਿੱਚ ਕੌਮੀ ਝੰਡਾ ਲਹਿਰਾਇਆ।
ਉਧਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੋਹਤਕ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਸੁਤੰਤਰਤਾ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਗਿਆ। ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸਰੀਰਕ ਕਸਰਤ ਦੇ ਪ੍ਰਦਰਸ਼ਨ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ।
ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਦੇਸ਼ ਦੇ 79ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਦਿੱਤੀਆਂ। ਰੋਹਤਕ ਵਿੱਚ ਇੱਕ ਸਮਾਗਮ ਵਿੱਚ ਸੈਣੀ ਨੇ ਦੇਸ਼ ਦੀ ਆਜ਼ਾਦੀ ਵਿੱਚ ਆਪਣੀ ਭੂਮਿਕਾ ਲਈ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ। ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਸਮਾਗਮਾਂ ਲਈ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।