ਮਹਾਂਵੀਰ ਮਿੱਤਲ
ਜੀਂਦ, 13 ਅਪਰੈਲ
ਪ੍ਰਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਵਿਰੋਧ ਵਿੱਚ ਇਨੈਲੋ ਵਰਕਰਾਂ ਨੇ ਅੱਜ ਸੜਕਾਂ ਉੱਤੇ ਕੇਂਦਰ ਤੇ ਸੂਬਾ ਸਰਕਾਰਾਂ ਖ਼ਿਲਾਫ਼ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਪ੍ਰਦਰਸ਼ਨ ਮਗਰੋਂ ਐੱਸਡੀਐੱਮ ਰਾਜੇਸ਼ ਕੁਮਾਰ ਨੂੰ ਮੁੱਖ ਮੰਤਰੀ ਦੇ ਨਾਮ ਮੈਮੋਰੰਡਮ ਸੌਂਪਿਆ। ਇਨੈਲੋ ਵਰਕਰ ਮਿਨੀ ਸਕੱਤਰੇਤ ਦਫ਼ਤਰ ਬਾਹਰ ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਰਾਮਫਲ ਕੁੰਡੂ ਦੀ ਅਗਵਾਈ ਹੇਠ ਇੱਕਠੇ ਹੋਏ। ਕਈ ਘੰਟੇ ਤੱਕ ਗੋਹਾਣਾ ਰੋਡ ਉੱਤੇ ਧਰਨਾ ਦਿੱਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦੇਸ਼ ਅਤੇ ਸੂਬੇ ਵਿੱਚ ਆਏ ਦਿਨ ਮਹਿੰਗਾਈ ਅਤੇ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ। ਹਰਿਆਣਾ ਵਿੱਚ ਇਸ ਵੇਲੇ ਬੇਰੁਜ਼ਗਾਰੀ ਦੀ ਦਰ 28.1 ਫ਼ੀਸਦ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸ ਲਈ ਭਾਜਪਾ-ਜਜਪਾ ਗਠਬੰਧਨ ਸਰਕਾਰ ਦੀਆਂ ਗਲਤ ਨੀਤੀਆਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਗਠਬੰਧਨ ਸਰਕਾਰ ਨੇ ਕਰੋਨਾ ਦੇ ਨਾਮ ਉੱਤੇ ਵਪਾਰੀਆਂ, ਦੁਕਾਨਦਾਰਾਂ ਅਤੇ ਨਿੱਜੀ ਸਕੂਲ ਪ੍ਰਬੰਧਕਾਂ ਨੂੰ ਆਰਥਿਕ ਰੂਪ ਤੋਂ ਉਜਾੜ ਦਿੱਤਾ ਹੈ। ਲੱਖਾਂ ਲੋਕਾਂ ਦੀਆਂ ਨੌਕਰੀਆਂ ਕਰੋਨਾ ਨੂੰ ਲੈ ਕੇ ਕੇਂਦਰ ਅਤੇ ਸੂਬੇ ਦੀਆਂ ਗਲਤ ਨੀਤੀਆਂ ਕਾਰਨ ਚਲੇ ਗਈਆਂ ਹਨ। ਖਾਣ-ਪੀਣ ਦੀਆਂ ਵਸਤੂਆਂ ਵਿੱਚ 40 ਫੀਸਦੀ ਵਾਧਾ ਹੋ ਗਿਆ ਹੈ। ਪੈਟਰੋਲੀਅਮ ਪਦਾਰਥਾਂ ਦੇ ਵਾਧੇ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਡੀਏਪੀ ਖਾਦ ਦੀ ਕੀਮਤ ਵਧਾਉਣ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਤਾ ਵਿੱਚ ਆਉਂਦਿਆਂ ਹੀ ਮਹਿੰਗਾਈ ਨੂੰ ਨੱਥ ਪਾਉਣ ਦਾ ਵਾਅਦਾ ਕੀਤਾ ਸੀ ਪਰ ਵੱਧ ਰਹੀ ਮਹਿੰਗਾਈ ਨੇ ਸਾਰੇ ਰਿਕਾਰਡ ਤੋੜ ਦਿੰਤੇ ਹਨ।