ਪੱਤਰ ਪ੍ਰੇਰਕ
ਗੂਹਲਾ ਚੀਕਾ, 22 ਅਪਰੈਲ
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਾਰੇ ਸੰਸਾਰ ਵਿੱਚ ਚੜ੍ਹਦੀ ਕਲਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮੇਂ ਹਰਿਆਣਾ ਸਰਕਾਰ ਵੱਲੋਂ ਪਾਨੀਪਤ ਦੇ ਮੈਦਾਨ ਵਿੱਚ ਇਕ ਸੂਬਾ ਪੱਧਰੀ ਸਮਾਗਮ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਹੈ। ਹਰਿਆਣਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਇਹ ਸ਼ਲਾਘਾਯੋਗ ਉਪਰਾਲਾ ਹੈ, ਜਿਸ ਵਿੱਚ ਸਾਨੂੰ ਸਾਰਿਆਂ ਨੂੰ ਵਹੀਰਾਂ ਘੱਤ ਕੇ ਪੁੱਜਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਕਮੇਟੀ ਦੇ ਮੁੱਖ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ ਤੇ 9ਵੀਂ ਚੀਕਾ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ 20-21 ਅਪਰੈਲ ਨੂੰ ਲਾਲ ਕਿਲਾ ਦਿੱਲੀ ਵਿੱਚ ਵੱਡੇ ਸ਼ਤਾਬਦੀ ਸਮਾਗਮ ਕਰਕੇ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਅਤੇ ਪਹਿਲਾਂ ਤੋਂ ਉਲੀਕੇ ਹੋਏ ਪ੍ਰੋਗਰਾਮ ਅਨੁਸਾਰ ਹਰਿਆਣਾ ਸਰਕਾਰ ਵੀ ਸੂਬਾ ਪੱਧਰੀ ਸ਼ਤਾਬਦੀ ਸਮਾਗਮ ਕਰਨ ਜਾ ਰਹੀ ਹੈ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਥਾਵਾਚਕ ਪ੍ਰਚਾਰਕ ਪੁੱਜ ਕੇ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਦੇ ਪਰਉਪਕਾਰਾਂ ਨਾਲ ਜੋੜਨਗੇ।