ਆਈ ਪੀ ਐੱਸ ਅਧਿਕਾਰੀ ਮਾਮਲਾ: ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਨਿੱਤਰੀ ਕਾਂਗਰਸ
ਹਰਿਆਣਾ ਦੇ ਸੀਨੀਅਰ ਆਈ ਪੀ ਐਸ ਅਧਿਕਾਰੀ ਵਾਈ ਪੂਰਨ ਕੁਮਾਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਾਂਗਰਸ ਪਾਰਟੀ ਨਿੱਤਰ ਆਈ ਹੈ ਜਿਸ ਵੱਲੋਂ 13 ਅਕਤੂਬਰ ਨੂੰ ਪੰਜਾਬ ਭਰ ਵਿੱਚ ਮੋਮਬੱਤੀ ਮਾਰਚ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੇ ਵਾਈ ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਦੀ ਜਾਂਚ ਸਥਾਨਕ ਅਧਿਕਾਰੀਆਂ ਤੋਂ ਕਰਵਾਉਣ ਦੀ ਥਾਂ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਦੇ ਕਾਰਜਕਾਲ ਦੌਰਾਨ ਦਲਿਤਾਂ ਵਿਰੁੱਧ ਅਪਰਾਧ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਭਾਜਪਾ ਵੱਲੋਂ ਮਨੋਵਾਦੀ ਸੋਚ ਉੱਤੇ ਚਲਦਿਆਂ ਦਲਿਤਾਂ ਉੱਤੇ ਲਗਾਤਾਰ ਅੱਤਿਆਚਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਕਰਕੇ ਹਰਿਆਣਾ ਵਿੱਚ ਸੀਨੀਅਰ ਆਈ ਪੀ ਐਸ ਅਧਿਕਾਰੀ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਜਿਸ ਕਰਕੇ ਉਸ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਇਸ ਤੋਂ ਬਾਅਦ ਪੀੜਤ ਪਰਿਵਾਰ ਨੂੰ ਇਨਸਾਫ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਆਈ ਪੀ ਐਸ ਅਧਿਕਾਰੀ ਵਾਈ ਪੂਰਨ ਕੁਮਾਰ ਵੱਲੋਂ ਲਿਖੇ ਖੁਦਕੁਸ਼ੀ ਪੱਤਰ ਦੇ ਆਧਾਰ ’ਤੇ ਹਰਿਆਣਾ ਦੇ ਡੀਜੀਪੀ ਸਮੇਤ ਹੋਰ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।