ਮਹਾਪੰਚਾਇਤ: 48 ਘੰਟਿਆਂ ਵਿੱਚ ਡੀਜੀਪੀ ਨੂੰ ਅਹੁਦੇ ਤੋਂ ਹਟਾਉਣ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ
ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਚੰਡੀਗੜ੍ਹ ਦੇ ਸੈਕਟਰ 20 ਸਥਿਤ ਰਵਿਦਾਸ ਭਵਨ ਵਿਚ ਕਿਸਾਨ ਮਹਾ ਪੰਚਾਇਤ ਕੀਤੀ ਗਈ। ਇਸ ਦੌਰਾਨ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵਾਈ ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਵਿੱਚ ਸਹੀ ਕਾਰਵਾਈ ਨਾ ਕਰਨ ਦੀ ਨਿਖੇਧੀ ਕੀਤੀ ਗਈ। ਇਸ ਦੇ ਨਾਲ ਹੀ ਮਹਾ ਪੰਚਾਇਤ ਵਿੱਚ ਮੌਜੂਦ ਲੋਕਾਂ ਨੇ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ 48 ਘੰਟਿਆਂ ਵਿੱਚ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਅਹੁਦੇ ਤੋਂ ਹਟਾ ਕੇ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਕਤ ਮਾਮਲੇ ਦੀ ਜਾਂਚ ਆਈਜੀ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੀ ਥਾਂ ਹਾਈਕੋਰਟ ਦੇ ਜੱਜ ਦੀ ਅਗਵਾਈ ਹੇਠ ਕਰਵਾਉਣ ਦੀ ਮੰਗ ਕੀਤੀ ਗਈ।
ਮਹਾਪੰਚਾਇਤ ਦੇ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੇ ਜ਼ਿਲ੍ਹਾ ਅਤੇ ਬਲਾਕ ਪੱਧਰ ਉੱਤੇ ਕਮੇਟੀਆਂ ਬਣਾ ਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣ ਤਾਂ ਕਿ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।