ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸਿਰਸਾ/ਏਲਨਾਬਾਦ, 2 ਦਸੰਬਰ
ਜਨਨਾਇਕ ਜਨਤਾ ਪਾਰਟੀ ਦੇ ਜਨਰਲ ਸਕੱਤਰ ਦਿਗਵਿਜੈ ਚੌਟਾਲਾ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੂਰੇ ਦੇਸ਼ ਦੇ ਕਿਸਾਨਾਂ ਦਾ ਭਲਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੱਢ ਕੇ ਉਨ੍ਹਾਂ ਨੂੰ ਦਿੱਲੀ ਦੇ ਬਾਰਡਰਾਂ ਤੋਂ ਵਾਪਸ ਘਰ ਭੇਜੇ। ਉਨ੍ਹਾਂ ਅੱਜ ਸਿਰਸਾ ਦੇ ਵੱਖ-ਵੱਖ ਪਿੰਡਾਂ ’ਚ ਜਲਸੇ ਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਪਾਰਟੀ ਦੇ ਸਥਾਪਨਾ ਦਿਵਸ ਮੌਕੇ 9 ਦਸੰਬਰ ਨੂੰ ਝੱਜਰ ’ਚ ਹੋਣ ਵਾਲੀ ਰੈਲੀ ’ਚ ਪਹੁੰਚਣ ਦੀ ਅਪੀਲ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਜਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੂਰੇ ਦੇਸ਼ ਦੇ ਕਿਸਾਨਾਂ ਦੇ ਹੱਕ ਵਿੱਚ ਹੈ। ਹਾਲਾਂਕਿ ਸਰਕਾਰ ਲਈ ਸਾਰੀਆਂ ਫ਼ਸਲਾਂ ’ਤੇ ਐੱਮਐੱਸੀਪੀ ਦੀ ਗਾਰੰਟੀ ਦੇਣਾ ਔਖਾ ਕੰਮ ਹੈ ਪਰ ਦੋ ਫ਼ਸਲਾਂ ’ਤੇ ਪੂਰੇ ਦੇਸ਼ ਵਿੱਚ ਲਾਭ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸਰਕਾਰ ਵੱਲੋਂ ਕਮੇਟੀ ਬਣਾਏ ਜਾਣ ਦੀ ਤਜਵੀਜ਼ ਹੈ ਅਤੇ ਸਰਕਾਰ ਨੂੰ ਇਹ ਕਮੇਟੀ ਜਲਦੀ ਬਣਾ ਕੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਅੰਦੋਲਨ ਨੂੰ ਖ਼ਤਮ ਕਰਵਾਉਣਾ ਚਾਹੀਦਾ ਹੈ। ਸ੍ਰੀ ਚੌਟਾਲਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ ਅਤੇ ਸ਼ਹੀਦ ਹੋਏ ਕਿਸਾਨਾਂ ਦਾ ਅੰਕੜਾ ਸਰਕਾਰ ਨੂੰ ਇਕੱਠਾ ਕਰਨਾ ਚਾਹੀਦਾ ਹੈ। ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਮੁਕੱਦਮਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਪਹਿਲਾਂ ਹੀ ਇਹ ਕਹਿ ਚੁੱਕੇ ਹਨ ਕਿ ਕਿਸਾਨਾਂ ’ਤੇ ਦਰਜ ਮੁਕੱਦਮੇ ਵਾਪਸ ਲਏ ਜਾਣਗੇ।