ਨਿੱਜੀ ਪੱਤਰ ਪ੍ਰੇਰਕ
ਸਿਰਸਾ, 8 ਸਤੰਬਰ
ਹਰਿਆਣਾ ਰੋਡਵੇਜ਼ ਦੇ ਡਰਾਈਵਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਤੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੇ ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ। ਮੁਲਾਜ਼ਮਾਂ ਨੇ ਬੱਸ ਅੱਡੇ ਦੇ ਅੱਗੇ ਧਰਨਾ ਦਿੱਤਾ ਤੇ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਡਵੇਜ਼ ਦਾ ਚੱਕਾ ਜਾਮ ਹੋਣ ਕਾਰਨ ਸਵਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪਿਆ। ਧਰਨਾਕਾਰੀ ਮੁਲਾਜ਼ਮਾਂ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਹਰਿਆਣਾ ਰੋਡਵੇਜ਼ ਦੇ ਇਕ ਬੱਸ ਡਰਾਈਵਰ ਜਗਬੀਰ ਸਿੰਘ ਤੇ ਕੰਡਕਟਰ ਨੂੰ ਕੁਝ ਲੋਕਾਂ ਨੇ ਗੱਡੀ ਹੇਠ ਦੇ ਕੇ ਦਰੜ ਦਿੱਤਾ ਸੀ, ਜਿਸ ਕਾਰਨ ਜਗਬੀਰ ਸਿੰਘ ਦੀ ਮੌਤ ਹੋ ਗਈ, ਜਦੋਂਕਿ ਕੰਡਕਟਰ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਇਸ ਮੌਕੇ ਕਰਮਚਾਰੀ ਆਗੂ ਸੁਰਿੰਦਰ ਨਹਿਰਾਣੀਆਂ ਤੇ ਵਰਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਜਲਦ ਹੀ ਸਰਕਾਰ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਨਾ ਦਿੱਤੀ ਤਾਂ ਰੋਡਵੇਜ਼ ਕਰਮਚਾਰੀ ਸੰਘ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਵੇਗਾ।