ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 20 ਅਪਰੈਲ
ਸੰਯੁਕਤ ਕਿਸਾਨ ਮੋਰਚੇ ਦੀ 9 ਮੈਂਬਰੀ ਕੋਰ ਕਮੇਟੀ ਦੇ ਮੁੱਖ ਮੈਂਬਰ ਤੇ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਕਿਹਾ ਹੈ ਕਿ ਜਦੋਂ ਤਕ ਕਿਸਾਨ ਅੰਦੋਲਨ ਖਤਮ ਨਹੀਂ ਹੁੰਦਾ, ਉਦੋਂ ਤਕ ਭਾਜਪਾ-ਜਜਪਾ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਜਪਾ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਕਿਉਂਕਿ ਕਿਸਾਨਾਂ ਨੇ ਜਜਪਾ ਨੂੰ ਭਾਜਪਾ ਦੇ ਵਿਰੋਧ ਵਿੱਚ ਵੋਟ ਦਿੱਤੇ ਸਨ, ਪਰ ਜਜਪਾ ਨੇ ਕਿਸਾਨਾਂ ਦੀਆਂ ਵੋਟਾਂ ਨੂੰ ਭਾਜਪਾ ਕੋਲ ਵੇਚ ਕੇ ਉਸ ਦੇ ਬਦਲੇ ਉਪ ਮੁੱਖ ਮੰਤਰੀ ਦਾ ਅਹੁਦਾ ਲੈ ਲਿਆ। ਫੋਨ ’ਤੇ ਗੱਲਬਾਤ ਦੌਰਾਨ ਸ੍ਰੀ ਚੜੂਨੀ ਨੇ ਕਿਹਾ ਕਿ ਕਿਸਾਨਾਂ ਨੇ ਖ਼ੁਦ ਹੀ ਸਰਕਾਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਹੈ ਤੇ ਮੁੜ ਸਰਕਾਰ ਵੱਲੋਂ ਗੱਲਬਾਤ ਕਰਨ ਦੇ ਕੋਈ ਸੰਕੇਤ ਨਹੀਂ ਹਨ। ਸਰਕਾਰ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਗੱਲਬਾਤ ਸ਼ੁਰੂ ਕਰਨ ਦੀ ਗੱਲ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਉਨ੍ਹਾਂ ਖ਼ਿਲਾਫ਼ 40 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ ਤੇ ਅਜਿਹੇ ਹੀ ਕੇਸ ਹੋਰਨਾਂ ਕਿਸਾਨਾਂ ਖ਼ਿਲਾਫ਼ ਵੀ ਦਰਜ ਹਨ ਪਰ ਪੁਲੀਸ ਦੇ ਡਰ ਤੋਂ ਕਿਸਾਨ ਅੰਦੋਲਨ ਦਬਣ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨੇ ਤੋਂ ਅਰੰਭੇ ਕਿਸਾਨ ਅੰਦੋਲਨ ਵਿੱਚ ਕਰੀਬ 350 ਕਿਸਾਨ ਆਪਣੀ ਕੀਮਤੀ ਜਾਨ ਗੁਆ ਚੁੱਕੇ ਹਨ ਪਰ ਕੇਂਦਰ ਸਰਕਾਰ ਦਾ ਮਨ ਅਜੇ ਤਕ ਨਹੀਂ ਪਸੀਜਿਆ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਅੰਦੋਲਨ ਜਾਰੀ ਰੱਖਣ ਪਿੱਛੇ ਕਾਂਗਰਸ ਜਾਂ ਹੋਰ ਵਿਰੋਧੀ ਪਾਰਟੀਆਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕਿਸਾਨ ਆਪਣਾ ਰੁਜ਼ਗਾਰ ਬਚਾਉਣ ਲਈ ਅੰਦੋਲਨ ਕਰ ਰਹੇ ਹਨ।