Justice Mishra Appointment: ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਯੁਕਤੀ ਨਿਯਮਾਂ ਅਨੁਸਾਰ ਹੋਈ: ਸਤਿਆਪਾਲ ਜੈਨ
Additional Solicitor General Satya Pal Jain ਨੇ ਪੰਜਾਬ ਸਰਕਾਰ ਦੇ ਦੋਸ਼ ਖਾਰਜ ਕੀਤੇ
Justice Mishra Appointment: ਭਾਰਤ ਦੇ ਵਧੀਕ ਸੌਲਿਸਿਟਰ ਜਨਰਲ ਸਤਿਆਪਾਲ ਜੈਨ ਨੇ ਐਤਵਾਰ ਨੂੰ ਪੰਜਾਬ ਸਰਕਾਰ ਦੇ ਉਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਸਮੇਂ ਸੂਬਾ ਸਰਕਾਰ ਦੀ ਰਾਏ ਨਹੀਂ ਲਈ ਗਈ।
ਸਤਿਆਪਾਲ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਨਿਯੁਕਤੀ ਨੂੰ ਲੈ ਕੇ ਖੜ੍ਹਾ ਕੀਤਾ ਗਿਆ ਵਿਵਾਦ ਬੇਲੋੜਾ ਹੈ ਕਿਉਂਕਿ ਇਹ ਨਿਯੁਕਤੀ ਦੇਸ਼ ਦੀ ਸਰਵਉੱਚ ਸੰਵਿਧਾਨਕ ਅਥਾਰਟੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੀ ਗਈ ਹੈ।
ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਕੋਲ ਆਪਣੇ ਵਿਚਾਰ ਭੇਜਣ ਲਈ ਕਾਫ਼ੀ ਸਮਾਂ ਸੀ ਅਤੇ ਮੈਮੋਰੈਂਡਮ ਆਫ਼ ਪ੍ਰੋਸੀਜਰ (MoP) ਤਹਿਤ ਨਿਯੁਕਤੀ ਦੀ ਪੂਰੀ ਪ੍ਰਕਿਰਿਆ ਅਤੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ ਹੈ ਜਿਸ ਵਿੱਚ ਕਾਨੂੰਨ ਦੀ ਕਿਸੇ ਵੀ ਵਿਵਸਥਾ ਦੀ ਕੋਈ ਉਲੰਘਣਾ ਨਹੀਂ ਹੋਈ।
ਸਤਿਆਪਾਲ ਜੈਨ ਨੇ ਜਾਣਕਾਰੀ ਦਿੱਤੀ ਕਿ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ 6 ਅਗਸਤ ਨੂੰ ਵੱਖ-ਵੱਖ ਰਾਜਾਂ ਦੇ ਮੁੱਖ ਜੱਜਾਂ ਦੀ ਨਿਯੁਕਤੀ ਲਈ ਸਿਫ਼ਾਰਸ਼ਾਂ ਕੀਤੀਆਂ ਗਈਆਂ ਸਨ ਅਤੇ 10 ਅਗਸਤ ਨੂੰ ਪੰਜਾਬ ਤੇ ਹਰਿਆਣਾ ਸਰਕਾਰਾਂ ਤੋਂ ਇਸ ਪ੍ਰਸਾਤਾਵ 'ਤੇ ਉਨ੍ਹਾਂ ਦੀ ਰਾਏ ਮੰਗੀ ਗਈ ਸੀ। ਹਰਿਆਣਾ ਸਰਕਾਰ ਅਤੇ ਦੋਵਾਂ ਰਾਜਾਂ ਦੇ ਰਾਜਪਾਲਾਂ ਨੇ ਨਿਰਧਾਰਤ ਸਮੇਂ ਵਿੱਚ ਆਪਣੀ ਪ੍ਰਵਾਨਗੀ ਭੇਜ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਤੈਅ ਸਮੇਂ ਵਿੱਚ ਕੋਈ ਰਾਏ ਨਹੀਂ ਭੇਜੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰਾਂ ਕੋਲ ਇਸ ਮਾਮਲੇ ਵਿੱਚ ਕੋਈ ਵੀਟੋ ਪਾਵਰ ਨਹੀਂ ਹੁੰਦੀ ਅਤੇ ਨਿਆਂਇਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਲਈ ਕੋਈ ਵੀ ਅਣਮਿੱਥੇ ਸਮੇਂ ਤੱਕ ਪ੍ਰਸਤਾਵ ਨੂੰ ਰੋਕ ਕੇ ਨਹੀਂ ਰੱਖ ਸਕਦਾ। ਇਸੇ ਦੌਰਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਪੰਜਾਬ ਸਰਕਾਰ ਦੇ ਰੁਖ਼ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਨਿਆਂਪਾਲਿਕਾ ਦੀ ਆਜ਼ਾਦੀ ਵਿੱਚ ਕਾਰਜਪਾਲਿਕਾ ਦੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਆਪ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਸਟਿਸ ਮਿਸ਼ਰਾ ਦੀ ਨਿਯੁਕਤੀ 'ਤੇ ਇਤਰਾਜ਼ ਜਤਾਉਣਾ ਅਤੇ ਇਸ ਨੂੰ ਵਿਵਾਦਾਂ ਵਿੱਚ ਘੇਰਨਾ ਨਿਆਂਪਾਲਿਕਾ ਦੀ ਆਜ਼ਾਦੀ ਨੂੰ ਕਮਜ਼ੋਰ ਕਰਦਾ ਹੈ।

