ਪੱਤਰ ਪ੍ਰੇਰਕ
ਗੂਹਲਾ ਚੀਕਾ, 19 ਦਸੰਬਰ
ਇੱਥੇ ਵਿਧਾਇਕ ਈਸ਼ਵਰ ਸਿੰਘ ਨੇ ਕਿਹਾ ਕਿ ਸਮੁੱਚੇ ਖੇਤਰ ਲਈ ਕਰੋੜਾਂ ਰੁਪਏ ਦੀਆਂ ਯੋਜਨਾਵਾਂ ਮਨਜ਼ੂਰ ਕਰਵਾਈ ਗਈਆਂ ਹਨ, ਜਿਨ੍ਹਾਂ ਦੇ ਪੂਰਾ ਹੋਣ ਮਗਰੋਂ ਗੂਹਲਾ ਹਰਿਆਣਾ ਰਾਜ ਦੇ ਵਿਕਸਿਤ ਖੇਤਰਾਂ ਵਿੱਚ ਸ਼ੁਮਾਰ ਹੋਵੇਗਾ। ਉਹ ਆਪਣੇ ਘਰ ਵਿੱਚ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਹਰਿਆਣਾ ਕੰਬੋਜ ਸਭਾ ਦਾ ਵਫ਼ਦ ਉਨ੍ਹਾਂ ਨੂੰ ਮਿਲਿਆ ਤੇ 26 ਦਸੰਬਰ ਨੂੰ ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ਸਬੰਧੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਨੇ ਭਰੋਸਾ ਦਿੱਤਾ ਕਿ ਜੇਕਰ ਹਲਕੇ ਦਾ ਕੋਈ ਵੀ ਪਿੰਡ ਪੰਚਾਇਤ ਦੀ ਜ਼ਮੀਨ ਦੇਵੇਗਾ ਤਾਂ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਸ਼ਾਖਾ ਖੋਲ੍ਹੀ ਜਾਵੇਗੀ। ਉਪਰੋਕਤ ਮੰਡਲ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਸ਼ਹੀਦ ਉਧਮ ਸਿੰਘ ਦੇ ਨਾਮ ਤੋਂ ਚੇਅਰ ਸਥਾਪਤ ਕਰਨ ਦੀ ਮੰਗ ਰੱਖੀ, ਜਿਸ ’ਤੇ ਵਿਧਾਇਕ ਨੇ ਕਿਹਾ ਕਿ ਵਿਸ਼ੇਸ਼ ਕੋਸ਼ਿਸ਼ਾਂ ਤੋਂ ਯੂਨੀਵਰਸਿਟੀ ਵਿੱਚ ਚੇਅਰ ਸਥਾਪਤ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪੁਆਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਵਿਧਾਇਕ ਅੱਗੇ ਆਪਣੀਆਂ ਸਮੱਸਿਆਵਾਂ ਰੱਖੀਆਂ, ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਇਸ ਮੌਕੇ ਹਰਜਿੰਦਰ ਸਿੰਘ ਕੰਬੋਜ, ਸੁਰੇਂਦਰ ਸਿੰਘ ਥਿੰਦ, ਬਲਵਿੰਦਰ ਸਿੰਘ, ਹੁਸ਼ਿਆਰ ਸਿੰਘ, ਸੁਖਵਿੰਦਰ ਸਿੰਘ , ਜਰਨੈਲ ਸਿੰਘ, ਦਰਸ਼ਨ ਸਿੰਘ ਬਰਾਡੀ, ਗੁਰਚਰਨ ਸਿੰਘ, ਜਗਦੀਸ਼ ਕੰਬੋਜ ਆਦਿ ਮੌਜੂਦ ਸਨ।