ਆਤਿਸ਼ ਗੁਪਤਾ
ਚੰਡੀਗੜ੍ਹ, 22 ਸਤੰਬਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਅੱਜ ਕਈ ਅਹਿਮ ਫ਼ੈਸਲੇ ਲਏ ਗਏ। ਕਰਨਾਲ ਦੇ ਬਸਤਾੜਾ ਟੌਲ ਪਲਾਜ਼ਾ ’ਤੇ ਪਿਛਲੇ ਮਹੀਨੇ ਵਾਪਰੀ ਘਟਨਾ ਦੀ ਨਿਰਪੱਖ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਸੋਮਨਾਥ ਅਗਰਵਾਲ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਕਮਿਸ਼ਨ ਕਰਨਾਲ ਵਿੱਚ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੀਤੇ ਲਾਠੀਚਾਰਜ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਦਾ ਪਤਾ ਲਗਾਵੇਗਾ ਜਿਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲਾਠੀਚਾਰਜ ਦੀ ਕਾਰਵਾਈ ਪਿੱਛੇ ਕਰਨਾਲ ਦੇ ਐੱਸਡੀਐੱਮ ਆਯੂਸ਼ ਸਿਨਹਾ ਦੀ ਭੂਮਿਕਾ ਦੀ ਵੀ ਜਾਂਚ ਹੋਵੇਗੀ। ਇਹ ਕਮਿਸ਼ਨ ਇਕ ਮਹੀਨੇ ਵਿੱਚ ਜਾਂਚ ਕਰਕੇ ਸੂਬਾ ਸਰਕਾਰ ਨੂੰ ਰਿਪੋਰਟ ਸੌਂਪੇਗਾ।
ਕੈਬਨਿਟ ਨੇ ਮੌਸਮ ਅਤੇ ਕੁਦਰਤੀ ਆਫ਼ਤਾਂ ਕਾਰਨ ਬਾਗਬਾਨੀ ਫ਼ਸਲਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ (ਐੱਮਬੀਬੀਵਾਈ) ਨੂੰ ਮਨਜ਼ੂਰੀ ਦਿੱਤੀ ਹੈ। ਸੂਬੇ ਦੀਆਂ ਜੇਲ੍ਹਾਂ ਵਿੱਚ ਖਾਲੀ ਪਏ ਸਹਾਇਕ ਸੁਪਰਡੈਂਟ ਦੀਆਂ ਅਸਾਮੀਆਂ ਨੂੰ ਜਲਦੀ ਭਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਬਾਗਬਾਨੀ ਕਿਸਾਨਾਂ ਨੂੰ ਵੱਖ-ਵੱਖ ਕਾਰਨਾਂ ਕਰਕੇ ਵਿੱਤੀ ਨੁਕਸਾਨ ਚੁੱਕਣਾ ਪੈਂਦਾ ਹੈ। ਯੋਜਨਾ ਤਹਿਤ ਨਸ਼ਟ ਹੋਣ ਵਾਲੀਆਂ 21 ਸਬਜ਼ੀਆਂ, ਫਲ ਅਤੇ ਹੋਰ ਫਸਲਾਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਸਬਜ਼ੀ ਅਤੇ ਮਸਾਲਾ ਫਸਲਾਂ ਦੀ 30 ਹਜ਼ਾਰ ਰੁਪਏ ਅਤੇ ਫਲਾਂ ਲਈ 40 ਹਜ਼ਾਰ ਰੁਪਏ ਰਕਮ ਵਿਰੁੱਧ ਢਾਈ ਫ਼ੀਸਦ ਅਦਾਇਗੀ ਕਰਨੀ ਪਵੇਗੀ। ਕਿਸਾਨਾਂ ਨੂੰ ‘ਮੇਰੀ ਫ਼ਸਲ-ਮੇਰਾ ਬਿਊਰਾ’ ਪੋਰਟਲ ’ਤੇ ਆਪਣੀ ਫ਼ਸਲ ਅਤੇ ਖੇਤਰ ਦਾ ਰਜਿਸਟ੍ਰੇਸ਼ਨ ਕਰਦੇ ਸਮੇਂ ਇਸ ਯੋਜਨਾ ਦਾ ਵਿਕਲਪ ਚੁਣਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਸ ਯੋਜਨਾ ਲਈ ਸੂਬਾ ਸਰਕਾਰ ਵੱਲੋਂ 10 ਕਰੋੜ ਰੁਪਏ ਦਾ ਬਜਟ ਰੱਖਿਆ ਜਾਵੇਗਾ।
ਮੁੱਖ ਮੰਤਰੀ ਚਰਨਜੀਤ ਿਸੰਘ ਚੰਨੀ ਵੱਲੋਂ ਖੱਟਰ ਨਾਲ ਮੁਲਾਕਾਤ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੇਰ ਸ਼ਾਮ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਲਈ ਹਰਿਆਣਾ ਸਕੱਤਰੇਤ ਪਹੁੰਚੇ। ਇਸ ਮੌਕੇ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਗਵਦ ਗੀਤਾ ਅਤੇ ਸ਼ਾਲ ਭੇਂਟ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਉਹ ਦੋਵੇਂ ਮਿਲ ਕੇ ਆਪੋ-ਆਪਣੇ ਖੇਤਰ ਦੇ ਵਿਕਾਸ ਲਈ ਇਕ-ਦੂਜੇ ਦਾ ਸਹਿਯੋਗ ਕਰਨਗੇ।