ਪੱਤਰ ਪ੍ਰੇਰਕ
ਪੰਚਕੂਲਾ, 24 ਫਰਵਰੀ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਦੇ ਸਾਹਿਤਕਾਰ ਬਰਾਬਰ ਸਨਮਾਨ ਦੇ ਹੱਕਦਾਰ ਹੁੰਦੇ ਹਨ, ਅਜਿਹੇ ਵਿੱਚ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਇਨਾਮੀ ਰਕਮ ਵੀ ਬਰਾਬਰ ਹੋਣੀ ਚਾਹੀਦੀ ਹੈ। ਉਨ੍ਹਾਂ ਹਰਿਆਣਾ ਦੀਆਂ ਸਾਹਿਤ ਅਕਾਦਮੀਆਂ ਨੂੰ ਕਿਹਾ ਕਿ ਪੁਰਸਕਾਰ ਰਾਸ਼ੀ ਸਬੰਧੀ ਇਕਸਾਰ ਫਾਰਮੂਲਾ ਬਣਾਇਆ ਜਾਵੇ। ਮੁੱਖ ਮੰਤਰੀ ਨੇ ਇਹ ਵਿਚਾਰ ਸੰਸਕ੍ਰਿਤ, ਹਿੰਦੀ, ਪੰਜਾਬੀ ਤੇ ਉਰਦੂ ਦੇ ਸਾਹਿਤਕਾਰਾਂ ਦਾ ਸਨਮਾਨ ਕਰਨ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਹਰਿਆਣਾ ਸੰਸਕ੍ਰਿਤ ਅਕਾਦਮੀ ਤੇ ਪੰਜਾਬੀ ਸਾਹਿਤ ਅਕਾਦਮੀ ਦੀ ਵੈੱਬਸਾਈਟ ’ਤੇ ਮੋਬਾਈਲ ਐਪ ਵੀ ਲਾਂਚ ਕੀਤੇ। ਇਸ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੰਸਕ੍ਰਿਤ, ਹਿੰਦੀ, ਪੰਜਾਬੀ ਤੇ ਉਰਦੂ ਭਾਸ਼ਾ ਦੇ 138 ਸਾਹਿਤਕਾਰਾਂ ਦਾ ਸਨਮਾਨ ਕੀਤਾ।